ਪੰਜ ਦਿਨ ਪਹਿਲਾਂ ਲਿਆ ਸੀ ਫਾਹਾ, ਇਲਾਜ਼ ਦੌਰਾਨ ਹਸਪਤਾਲ ਚ ਮੌਤ
ਪੁਲਿਸ ਨੇ ਮਾਮਲਾ ਦਰਜ਼ ਕਰਕੇ ਪਤੀ ਤੇ ਸੱਸ ਗ੍ਰਿਫਤਾਰ
ਸੁਨਾਮ : ਪਤੀ ਅਤੇ ਸੱਸ ਦੀ ਸਤਾਈ ਵਿਆਹੁਤਾ ਨੇ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸੁਨਾਮ ਸ਼ਹਿਰ ਵਿਖੇ 15 ਅਕਤੂਬਰ ਨੂੰ ਮ੍ਰਿਤਕਾ ਨੇ ਖੁਦਕੁਸ਼ੀ ਕਰ ਲਈ ਸੀ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਸੋਮਵਾਰ ਨੂੰ ਉਸਦੀ ਦੀ ਮੌਤ ਹੋ ਗਈ। ਮੰਗਲਵਾਰ ਨੂੰ ਮ੍ਰਿਤਕਾ ਦੇ ਪੇਕੇ ਅਤੇ ਨਾਨਕੇ ਪਰਿਵਾਰ ਨੇ ਸਿਵਲ ਹਸਪਤਾਲ ਸੁਨਾਮ ਦੇ ਸਾਹਮਣੇ ਲਾਸ਼ ਸੜਕ ਤੇ ਰੱਖਕੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਕੀਤੀ ਜਾਵੇ। ਸੁਨਾਮ ਮਾਨਸਾ ਸੜਕ ਤੇ ਸਰਕਾਰੀ ਹਸਪਤਾਲ ਦੇ ਸਾਹਮਣੇ ਧਰਨਾ ਦੇ ਰਹੇ ਮ੍ਰਿਤਕਾ ਦੇ ਪਿਤਾ ਦਾਰਾ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਅਮਨਜੋਤ ਕੌਰ ਦਾ ਵਿਆਹ 9 ਸਾਲ ਪਹਿਲਾਂ ਸੁਨਾਮ ਦੇ ਗਗਨਦੀਪ ਸਿੰਘ ਨਾਲ ਹੋਇਆ ਸੀ ਅਤੇ ਉਸ ਦਾ ਇੱਕ 6 ਸਾਲ ਦਾ ਪੁੱਤਰ ਵੀ ਹੈ। ਉਸ ਨੇ ਦੋਸ਼ ਲਾਇਆ ਕਿ ਲੜਕੀ ਦਾ ਪਤੀ ਅਤੇ ਸੱਸ ਬਲਵਿੰਦਰ ਕੌਰ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਗਗਨਦੀਪ ਸਿੰਘ ਦੇ ਇੱਕ ਔਰਤ ਨਾਲ ਕਥਿਤ ਤੌਰ ਤੇ ਨਾਜਾਇਜ਼ ਸਬੰਧ ਹਨ ਅਤੇ ਉਸ ਦੀ ਲੜਕੀ ਇਸ ਦਾ ਲਗਾਤਾਰ ਵਿਰੋਧ ਕਰ ਰਹੀ ਸੀ। ਉਨ੍ਹਾਂ ਮੰਗ ਕੀਤੀ ਕਿ ਦੋਵਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ਼ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਮ੍ਰਿਤਕਾ ਦੇ ਪਿਤਾ ਦਾਰਾ ਸਿੰਘ, ਅਮਰਜੀਤ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ ਠੇਕੇਦਾਰ, ਕਾਕਾ ਸਿੰਘ,ਸੋਹਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਇਸੇ ਦੌਰਾਨ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੋਰ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ। ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਧਾਰਾਵਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ।