ਨਵਾਂਸ਼ਹਿਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਕਿਉਂਕਿ ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਬਣ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਾਡਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿਚ ਜਿਥੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ, ਉਥੇ ਸਿਹਤ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਅੱਜ ਤੀਜੀ ਮਾਪੇ-ਅਧਿਆਪਕ ਮਿਲਣੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੇ ਉਪਰਾਲੇ ਪ੍ਰਾਈਵੇਟ ਸਕੂਲਾਂ ਵਿਚ ਹੀ ਹੁੰਦੇ ਸਨ, ਪਰੰਤੂ ਹੁਣ ਸਰਕਾਰੀ ਸਕੂਲਾਂ ਵਿਚ ਵੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ-ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਸਤੰਬਰ ਮਹੀਨੇ ਵਿਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ-ਦੂਜੇ ਨਾਲ ਸਾਂਝੀ ਕਰ ਰਹੇ ਹਨ ਕਿ ਬੱਚਾ ਸਕੂਲ ਵਿਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਗਤੀਵਿਧੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਅਤੇ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇ ਰਹੇ ਹਨ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ, ਉਹ ਵੀ ਸਾਂਝੇ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿਚ ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਹੈ, ਜਿਸ ਵਿਚ 20 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਖ਼ੁਦ ਨੰਗਲ ਵਿਖੇ ਇਸ ਮਿਲਣੀ ਵਿਚ ਸ਼ਾਮਿਲ ਹੋਏ ਹਨ।
ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਬੱਲੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਸਿੰਘ ਪਾਬਲਾ, ਸਰਪੰਚ ਜਾਡਲਾ ਪੁਨੀਤ ਰਾਣਾ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਡਾ. ਬਲਜੀਤ ਕੌਰ ਤੋਂ ਇਲਾਵਾ ਦੋਵਾਂ ਸਕੂਲਾਂ ਦਾ ਸਟਾਫ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।