ਐਸ.ਏ.ਐਸ.ਨਗਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 14.12.2024 ਨੂੰ ਸਾਲ 2024 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜ਼ਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਰੀਜਨਲ ਟਰਾਂਸਪੋਰਟ ਅਫਸਰ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ ਵਿਭਾਗ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 14.12.2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।