ਸੁਨਾਮ : ਝੋਨੇ ਦੀ ਖ਼ਰੀਦ ਸੁਚਾਰੂ ਬਣਾਉਣ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਲਾਏ ਧਰਨੇ ਵਿੱਚ ਕਿਸਾਨ ਬੀਬੀਆਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਧਰਨੇ ਦੇ ਛੇਵੇਂ ਦਿਨ ਬਲਾਕ ਦੇ ਪਿੰਡਾਂ ਵਿੱਚੋਂ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਿਸਾਨ ਝੋਨਾ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਕੱਟਣ ਲਈ ਮਜ਼ਬੂਰ ਹੋ ਰਹੇ ਹਨ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਬੀਬੀਆਂ ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਰਣਦੀਪ ਕੌਰ ਰਟੋਲਾਂ, ਬਲਜੀਤ ਕੌਰ ਖਡਿਆਲ ਅਤੇ ਚਰਨਜੀਤ ਕੌਰ ਜਖੇਪਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਝੋਨੇ ਦੀ ਫ਼ਸਲ ਵੇਚਣ ਲਈ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਇਸੇ ਕਾਰਨ ਕਿਸਾਨ ਬੀਬੀਆਂ ਨੂੰ ਧਰਨਿਆਂ ਵਿੱਚ ਸ਼ਿਰਕਤ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਅੰਦਰ ਪਿਛਲੇ ਛੇ ਦਿਨਾਂ ਤੋਂ ਧਰਨੇ ਦਿੱਤੇ ਜਾ ਰਹੇ ਹਨ ਲੇਕਿਨ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਬੋਲੀ ਨਾ ਮਾਤਰ ਹੀ ਸ਼ੁਰੂ ਹੋਈ ਹੈ, ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਨੂੰ ਲੈਕੇ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਹਨ, ਬਾਰਦਾਨੇ ਨੂੰ ਲੈ ਕੇ ਮੰਡੀਆਂ ਵਿੱਚ ਵੱਡੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚੇ ਦਰਜ਼ ਕੀਤੇ ਜਾ ਰਹੇ ਹਨ , ਫਰਦਾਂ ਵਿੱਚ ਲਾਲ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ ਸਰਕਾਰ ਦਾ ਤੁਗਲਕੀ ਫਰਮਾਨ ਅਤੀ ਨਿੰਦਣਯੋਗ ਹੈ । ਕਿਸਾਨ ਬੀਬੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨਹੀਂ ਮੰਨਦੀ , ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਦਿਨ ਰਾਤ ਦੇ ਪੱਕੇ ਮੋਰਚੇ ਰਹਿਣਗੇ। ਬੁੱਧਵਾਰ ਧਰਨੇ ਵਿੱਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਰਾਮਸ਼ਰਨ ਸਿੰਘ ਉਗਰਾਹਾਂ, ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ, ਜੀਤ ਸਿੰਘ ਗੰਢੂਆਂ, ਜਿੰਦਰ ਸਿੰਘ ਚੀਮਾਂ ਹਾਜ਼ਰ ਸਨ।