ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਤੇ ਨਸਲਾਂ ਬਚਾਉਣ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਜ਼ਮੀਨਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਕਰਵਾਉਣ ਲਈ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਕਾਹਲੀਆਂ ਹਨ। ਵੀਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾ ਰਹੇ ਲਗਾਤਾਰ ਧਰਨੇ ਦੇ ਸੱਤਵੇਂ ਦਿਨ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਰਾਮ ਸ਼ਰਨ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਝੋਨੇ ਦੀ ਸਰਕਾਰੀ ਬੋਲੀ ਨਾਮਾਤਰ ਹੋ ਰਹੀ ਹੈ ਅਤੇ ਵਿਕੇ ਝੋਨੇ ਨੂੰ ਮੰਡੀਆਂ ਵਿੱਚੋਂ ਚੁੱਕਿਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਖੇਤੀ ਨੂੰ ਅਮੀਰ ਘਰਾਣਿਆਂ ਦੇ ਸਪੁਰਦ ਕਰਨ ਦੇ ਰਾਹ ਤੁਰੀਆਂ ਹੋਈਆਂ ਹਨ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਲਾਮਬੰਦ ਹੋ ਕੇ ਸੰਘਰਸ਼ ਵਿੱਢਣੇ ਪੈਣਗੇ। ਕਣਕ ਦੀ ਬਿਜਾਈ ਲਈ ਲੋੜੀਂਦੇ ਡੀਏਪੀ ਖਾਦ ਨੂੰ ਲੈਕੇ ਹਾਹਾਕਾਰ ਮੱਚ ਰਹੀ ਹੈ ਲੇਕਿਨ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ਾਂ ਤੇ ਟੇਕ ਰੱਖਕੇ ਅਪਣੀਆਂ ਨਸਲਾਂ ਤੇ ਫਸਲਾਂ ਬਚਾਉਣੀਆਂ ਪੈਣਗੀਆਂ। ਇਸ ਮੌਕੇ ਸੂਬੇ ਦੇ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ , ਰਾਮਸ਼ਰਨ ਸਿੰਘ ਉਗਰਾਹਾਂ, ਮਨੀ ਸਿੰਘ ਭੈਣੀ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਰਣਦੀਪ ਕੋਰ ਰਟੋਲਾਂ, ਸੁਖਵਿੰਦਰ ਕੌਰ ਚੱਠਾ ਨੇ ਵੀ ਸੰਬੋਧਨ ਕੀਤਾ।