ਖਰੜ : ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਚਡਿਆਲਾ ਸੂਦਾਂ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮੱਛਲੀ ਕਲਾਂ ਨੇ ਦਸਿਆ ਕਿ ਸਿਹਤ ਮੰਤਰੀ ਸ. ਸਿੱਧੂ ਨੇ ਕੁਝ ਸਮਾਂ ਪਹਿਲਾਂ ਵਿਕਾਸ ਕਾਰਜਾਂ ਵਾਸਤੇ ਇਸ ਪਿੰਡ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ। ਉਨ੍ਹਾਂ ਦਸਿਆ ਕਿ ਪਿੰਡ ਵਿਚ ਗਲੀਆਂ-ਨਾਲੀਆਂ ਬਣਾਉਣ ਅਤੇ ਸ਼ਮਸ਼ਾਨ ਘਾਟ ਲਈ ਸ਼ੈੱਡ ਦੀ ਉਸਾਰੀ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਅਪਣੀਆਂ ਸਮੱਸਿਆਵਾਂ ਤੋਂ ਵਾਕਫ਼ ਕਰਵਾਇਆ ਸੀ ਜਿਸ ਸਬੰਧੀ ਉਨ੍ਹਾਂ ਸ. ਸਿੱਧੂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੇ ਤੁਰੰਤ ਪੰਜ ਲੱਖ ਰੁਪਏ ਦੀ ਗ੍ਰਾਂਟ ਅਪਣੇ ਅਖ਼ਤਿਆਰੀ ਕੋਟੇ ਵਿਚੋਂ ਮਨਜ਼ੂਰ ਕੀਤੀ। ਜ਼ਿਕਰਯੋਗ ਹੈ ਕਿ ਹਲਕਾ ਮੋਹਾਲੀ ਤੋਂ ਵਿਧਾਇਕ ਕੈਬਨਿਟ ਮੰਤਰੀ ਸ. ਸਿੱਧੂ ਦਾ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਇਸ ਪਿੰਡ ਨਾਲ ਖ਼ਾਸ ਲਗਾਅ ਹੈ ਕਿਉਂਕਿ ਜਦ ਸ. ਸਿੱਧੂ ਨੇ ਖਰੜ ਹਲਕੇ ਵਿਚੋਂ ਚੋਣ ਲੜੀ ਸੀ ਤਾਂ ਇਸ ਪਿੰਡ ਵਿਚੋਂ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਇਆ ਸੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਖਰੜ ਹਲਕੇ ਦੇ ਪਿੰਡਾਂ ਦਾ ਚੌਤਰਫ਼ਾ ਵਿਕਾਸ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ। ਪਿਛਲੇ ਸਮੇਂ ਦੌਰਾਨ ਵੱਖ-ਵੱਖ ਪਿੰਡਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਸਦਕਾ ਵੱਖ-ਵੱਖ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਮਹਾਂਮਾਰੀ ਨੇ ਸਾਰਿਆਂ ਨੂੰ ਵਖਤ ਪਾਇਆ ਹੋਇਆ ਹੈ ਅਤੇ ਆਰਥਕ ਤੌਰ ’ਤੇ ਡਾਢੀ ਸੱਟ ਮਾਰੀ ਹੈ ਪਰ ਵਿਕਾਸ ਕਾਰਜਾਂ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਈ ਸਮਝੌਤਾ ਨਹੀਂ ਕਰ ਰਹੀ ਅਤੇ ਦਿਲ ਖੋਲ੍ਹ ਕੇ ਫ਼ੰਡ ਦਿਤੇ ਜਾ ਰਹੇ ਹਨ।
ਇਸ ਮੌਕੇ ਰੀਟਾ ਰਾਣੀ ਸਰਪੰਚ ਚਡਿਆਲਾ ਸੂਦਾਂ, ਜਸਵਿੰਦਰ ਸਿੰਘ ਭੱਪਾ ਸਰਪੰਚ ਗਿੱਦੜਪੁਰ, ਗੁਰਪ੍ਰਤਾਪ ਸਿੰਘ ਸਰਪੰਚ ਸੋਏਮਾਜਰਾ, ਜਰਨੈਲ ਸਿੰਘ ਪ੍ਰਧਾਨ ਦੁੱਧ ਸਹਿਕਾਰੀ ਸਭਾ, ਹਰਜੀਤ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ (ਸਾਰੇ ਪੰਚ),ਦਿਆਲ ਸਿੰਘ, ਪਾਲ ਸਿੰਘ, ਸ਼ਿਵਚਰਨ, ਸਤਨਾਮ ਸਿੰਘ, ਬੰਤ ਸਿੰਘ, ਮੋਹਨ ਲਾਲ ਸ਼ਰਮਾ, ਰਾਕੇਸ਼ ਕੁਮਾਰ ਤੋਂ ਇਲਾਵਾ ਹੋਰ ਪਿੰਡ ਵਾਸੀ ਤੇ ਪਤਵੰਤੇ ਮੌਜੂਦ ਸਨ।