ਕਿਹਾ ਝੋਨਾ ਵੇਚਣ ਆਏ ਕਿਸਾਨਾਂ ਦੀ ਖੱਜਲ ਖ਼ੁਆਰੀ ਲਈ ਦੋਵੇਂ ਸਰਕਾਰਾਂ ਜਿੰਮੇਵਾਰ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਧਾਰ ਲਹਿਰ ਦਾ ਉਦੇਸ਼ ਸ਼੍ਰੋਮਣੀ ਕਮੇਟੀ ਦੀ ਆਜ਼ਾਦ ਹੋਂਦ ਕਾਇਮ ਕਰਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਲਈ ਮੌਜੂਦਾ ਰਵਾਇਤ ਨੂੰ ਖਤਮ ਕਰਨਾ ਮੁੱਢਲੀ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਆਏ ਨਿਘਾਰ ਨੂੰ ਸੁਚਾਰੂ ਬਣਾਉਣ ਸਮੇਤ ਹੋਰ ਮੁੱਦਿਆਂ ਨੂੰ ਲੈਕੇ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ। ਸ਼ਨਿੱਚਰਵਾਰ ਨੂੰ ਸੁਨਾਮ ਮਾਸਟਰ ਦਲਜੀਤ ਸਿੰਘ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੁਧਾਰ ਲਹਿਰ ਦੇ ਆਗੂਆਂ ਤੇ ਭਾਜਪਾ, ਆਰ ਐਸ ਐਸ ਅਤੇ ਆਮ ਆਦਮੀ ਪਾਰਟੀ ਵੱਲੋਂ ਐਸਜੀਪੀਸੀ ਮੈਂਬਰਾਂ ਉੱਪਰ ਦਬਾਅ ਪਾਉਣ ਦੇ ਇਲਜ਼ਾਮਾਂ ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਬੌਖਲਾਹਟ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਧਾਮੀ ਆਪਣੀ ਹਾਰ ਨੂੰ ਦੇਖਦਿਆਂ ਬਚਕਾਨਾ ਬਿਆਨਬਾਜ਼ੀ ਕਰ ਰਹੇ ਹਨ, ਅਜਿਹੇ ਵਿਅਕਤੀ ਵੱਲੋਂ ਅਜਿਹੀ ਬਿਆਨਬਾਜ਼ੀ ਸ਼ੋਭਦੀ ਨਹੀਂ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਮਾਮਲੇ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਰਾਜਨੀਤੀ ਕਰ ਰਹੀਆਂ ਹਨ। ਕੇਂਦਰ ਨੇ ਚੌਲਾਂ ਨੂੰ ਸਟੋਰ ਕਰਨ ਲਈ ਗੋਦਾਮ ਖਾਲੀ ਨਹੀਂ ਕੀਤੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੀ.ਆਰ.126 ਬੀਜਣ ਦੀ ਸਲਾਹ ਦਿੱਤੀ ਸੀ ਜਿਹੜੀ ਹੁਣ ਕਿਸਾਨਾਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਲਈ ਸਿਰਦਰਦੀ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਕਿਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਹਾਰ ਦੇ ਡਰੋਂ ਜ਼ਿਮਨੀ ਚੋਣਾਂ ਲੜਣ ਤੋਂ ਭੱਜ ਗਿਆ ਹੈ। ਅਜਿਹੇ ਵਰਤਾਰੇ ਤੋਂ ਸਪਸ਼ਟ ਹੋ ਰਿਹਾ ਹੈ ਕਿ ਅਕਾਲੀ ਦਲ ਹੁਣ ਅਕਾਲੀ ਦਲ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਦੀ ਕੰਪਨੀ ਬਣ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਜਾਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕਰ ਰਹੇ ਹਨ ਜਦਕਿ ਇਹ ਸਿੱਖੀ ਕਦਰਾਂ-ਕੀਮਤਾਂ, ਮਰਿਆਦਾ ਅਤੇ ਪਰੰਪਰਾਵਾਂ ਦੀ ਘੋਰ ਉਲੰਘਣਾ ਹੈ। ਇਸ ਮੌਕੇ ਅਮਨਵੀਰ ਸਿੰਘ ਚੈਰੀ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਚਮਕੌਰ ਸਿੰਘ ਮੋਰਾਂਵਾਲੀ, ਦਰਸ਼ਨ ਸਿੰਘ ਮੋਰਾਂਵਾਲੀ, ਕੌਂਸਲਰ ਮੋਂਟੀ ਮਧਾਨ, ਐਡਵੋਕੇਟ ਕ੍ਰਿਸ਼ਨ ਸਿੰਘ ਭੁਟਾਲ, ਮਾਸਟਰ ਦਲਜੀਤ ਸਿੰਘ, ਤਰਸੇਮ ਸਿੰਘ ਘੁੱਗਾ, ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਪ੍ਰਿਤਪਾਲ ਸਿੰਘ ਕਾਲਾ ਆਦਿ ਆਗੂ ਹਾਜ਼ਰ ਸਨ।