ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੂੰ ਉਨ੍ਹਾਂ ਦੀ ਸੁਨਾਮ ਸਥਿਤ ਰਿਹਾਇਸ਼ ਤੇ ਮਿਲਣ ਆਏ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਚੋਂ ਦਰਜਨਾਂ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ। ਨਵੇਂ ਬਣੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਮੋਹਰੀ ਰੋਲ ਅਦਾ ਕਰਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਸੂਬੇ ਅੰਦਰ ਝੋਨੇ ਦੀ ਹੋ ਰਹੀ ਬੇਕਦਰੀ ਲਈ ਕੇਂਦਰ ਤੇ ਸੂਬਾ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ। ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਝੋਨੇ ਦੀ ਖਰੀਦ ਮਾਮਲੇ ਵਿੱਚ ਕਿਸਾਨਾਂ ਨੂੰ ਜਾਣ ਬੁੱਝਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜਿਣਸਾਂ ਦੇ ਖ਼ਰੀਦ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧ ਕਰਨ ਲਈ ਕਹਿੰਦੇ ਹਨ ਲੇਕਿਨ ਮੌਜੂਦਾ ਸਰਕਾਰ ਨੇ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਝੋਨੇ ਦੀ ਖਰੀਦ ਮਾਮਲੇ ਵਿੱਚ ਗੰਭੀਰਤਾ ਦਿਖਾਕੇ ਖ਼ਰੀਦ ਅਤੇ ਚੁਕਾਈ ਨੂੰ ਪੁਖਤਾ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਰਾਜ ਦੌਰਾਨ ਕਿਸਾਨਾਂ ਨੂੰ ਜਿਣਸਾਂ ਮੰਡੀਆਂ ਵਿੱਚ ਵੇਚਣ ਲਈ ਰੁਲਣਾ ਨਹੀਂ ਪਿਆ। ਉਨ੍ਹਾਂ ਸੂਬੇ ਅੰਦਰ ਕਣਕ ਦੀ ਬਿਜਾਈ ਲਈ ਡੀਏਪੀ ਖ਼ਾਦ ਦਾ ਲੋੜੀਂਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਚਹਿਲ, ਬਲਵਿੰਦਰ ਸਿੰਘ ਬੀਰਕਲਾਂ, ਬਲਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।