ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ 'ਚ ਹੋਰ ਤੇਜੀ ਲਿਆਉਣ ਦੀ ਹਦਾਇਤ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਲਗਾਤਾਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6 ਲੱਖ 26 ਹਜ਼ਾਰ 757 ਮੀਟ੍ਰਿਕ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 5 ਲੱਖ 85 ਹਜ਼ਾਰ 705 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬੀਤੇ ਇੱਕ ਦਿਨ ਵਿੱਚ ਹੀ 37 ਹਜ਼ਾਰ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਚੁਕਾਈ ਵਿਚ ਲਗਾਤਾਰ ਤੇਜੀ ਆ ਰਹੀ ਹੈ ਤੇ ਹੁਣ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਰੀਦੇ ਝੋਨੇ ਦੀ 100 ਫ਼ੀਸਦੀ 1213 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਕਿਸੇ ਵੀ ਖਰੀਦ ਏਜੰਸੀਆਂ ਵੱਲ ਕੋਈ ਬਕਾਇਆ ਨਹੀਂ ਹੈ।
ਆਪਣੇ ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਨਾਭਾ ਮੰਡੀ ਦਾ ਅਚਨਚੇਤ ਦੌਰਾ ਕੀਤਾ ਅਤੇ ਇੱਥੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਕਿਸੇ ਵੀ ਮੰਡੀ ਦਾ ਅਚਾਨਕ ਦੌਰਾ ਕਰਕੇ ਇਸੇ ਤਰ੍ਹਾਂ ਆਉਂਦੇ ਦਿਨਾਂ ਵਿੱਚ ਵੀ ਜਾਇਜ਼ਾ ਲੈਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ।