ਚੰਡੀਗੜ੍ਹ :ਉਤਰ ਪ੍ਰਦੇਸ਼ ਦੇ ਪਿੰਡਾਂ ਵਿੱਚ ਪੈਦਾ ਹੋਈ ਸਥਿਤੀ ਤੋਂ ਬਚਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ‘ਕੋਰੋਨਾ ਮੁਕਤ ਪਿੰਡ ਅਭਿਆਨ’ ਦੇ ਹਿੱਸੇ ਵਜੋਂ ਨਿਵੇਕਲੇ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੋਵਿਡ ਦੇ ਚਿੰਤਾਜਨਕ ਫੈਲਾਅ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਜੰਗ ਵਿੱਚ ਕਮਿਊਨਟੀ ਦੇ ਸਾਰੇ ਵਰਗਾਂ ਦੀ ਸ਼ਮੂਲੀਅਤ ਦੀ ਲੋੜ ਉਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਸਾਰੇ ਭਾਈਚਾਰਿਆਂ ਨੂੰ ਲਾਮਬੰਦੀ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਦੇ ਖ਼ਤਰੇ ਬਾਰੇ ਜਾਗਰੂਕਤਾ ਮੁਹਿੰਮ ਵਿੱਚ ਸਮੁੱਚੇ ਸਟਾਫ਼ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹੈਲਥ ਤੇ ਵੈਲਨੈਸ ਸੈਂਟਰਾਂ ਨੂੰ ਕੇੰਦਰ ਬਣਾ ਕੇ ਇਸ ਪ੍ਰੋਗਰਾਮ ਵਿੱਚ ਤੇਜ਼ੀ ਲਿਆਉਣ ਵਾਸਤੇ ਕਮਿਊਨਿਟੀ ਹੈਲ਼ਥ ਅਫਸਰਾਂ, ਪੰਚਾਇਤਾਂ, ਸਕੂਲ ਅਧਿਆਪਕਾਂ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਪਿੰਡਾਂ ਦੇ ਪੁਲਿਸ ਅਧਿਕਾਰੀਆਂ, ਯੂਥ ਵਲੰਟੀਅਰਾਂ ਆਦਿ ਦੀ ਲਾਮਬੰਦੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਖ਼ੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀ.) ਅਤੇ ਪੁਲਿਸ ਫੋਰਸ ਵੱਲੋਂ ਮਿਲ ਕੇ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੰਤਵ ਨਾਂ ਸਿਰਫ ਕਿਸੇ ਮਿੱਥ ਬਾਰੇ ਜਾਗਰੂਕਤਾ ਫੈਲਾਉਣਾ ਹੀ ਨਹੀਂ ਬਲਕਿ ਪੇਂਡੂ ਖੇਤਰਾਂ ਵਿੱਚ ਢੁੱਕਵੀਂ ਟੈਸਟਿੰਗ ਅਤੇ ਟੀਕਾਕਰਨ ਨੂੰ ਵੀ ਯਕੀਨੀ ਬਣਾਉਣਾ ਹੈ।
ਖੰਘ- ਬੁਖ਼ਾਰ ਆਦਿ ਲੱਛਣਾਂ ਨੂੰ ਲੋਕਾਂ ਵੱਲੋਂ ਹਲਕੇ ਵਿੱਚ ਲੈਣ ਦੀ ਪਹੁੰਚ ਅਤੇ ਸਮੇਂ ਸਿਰ ਰਿਪੋਰਟ ਨਾ ਕਰਨ ਨੂੰ ਸਭ ਤੋਂ ਵੱਡਾ ਮੁੱਦਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮਰੀਜ਼ਾਂ ਦੇ ਜਲਦੀ ਇਲਾਜ ਲਈ ਪ੍ਰਭਾਵਿਤ ਲੋਕਾਂ ਦੀ ਜਲਦੀ ਸ਼ਨਾਖ਼ਤ ਕਰਨ ਦਾ ਵੀ ਸੱਦਾ ਦਿੱਤਾ।