ਔਰਤਾਂ ਦੇ ਮਾਣ-ਸਤਿਕਾਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵੀ ਕੀਤਾ ਪ੍ਰੇਰਿਤ
ਚੰਡੀਗੜ੍ਹ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸ੍ਰੀਮਤੀ ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿੰਦਿਆਂ ਇੱਕ ਦੂਜੇ ਨੂੰ ਅੱਗੇ ਵਧਣ ਵਿੱਚ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਸਮਾਜ ਦੀ ਸਿਰਜਣਾ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਸ਼੍ਰੀਮਤੀ ਗਿੱਲ ਨੇ ਸਾਰੇ ਨੌਜਵਾਨਾਂ ਨੂੰ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਿੱਥੇ ਹਰ ਇੱਕ ਨੂੰ ਮਾਣ-ਸਨਮਾਨ ਮਿਲੇ ਅਤੇ ਹਰ ਕੋਈ ਸੁਰੱਖਿਆ ਮਹਿਸੂਸ ਕਰੇ। ਉਨ੍ਹਾਂ ਅੱਗੇ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਅਤੇ ਨਿਰਪੱਖਤਾ ਪ੍ਰਤੀ ਸਮਰਪਣ ਦੇ ਨਾਲ, ਅਸੀਂ ਅਜਿਹਾ ਸਮਾਜ ਸਿਰਜ ਸਕਦੇ ਹਾਂ, ਜਿਥੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਹਰ ਤਰ੍ਹਾਂ ਦੇ ਸ਼ੋਸ਼ਣ ਅਤੇ ਵਿਤਕਰੇ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰੀਏ।
ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਸਮਾਜ ਦੇ ਹਰ ਹਿੱਸੇ ਵਿੱਚ ਸੁਰੱਖਿਅਤ ਮਹਿਸੂਸ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਿਯੋਗ ਮਿਲੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਕ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਾਸਤੇ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।