ਸੁਨਾਮ : ਪੰਜਾਬ ਨੂੰ ਕੁਰੱਪਸ਼ਨ ਮੁਕਤ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਓਰੋ ਵੱਲੋਂ ਬੁੱਧਵਾਰ ਨੂੰ ਸੁਨਾਮ ਵਿਖੇ ਸਕੂਲ ਆਫ਼ ਐਮੀਨੈਂਸ ਕੈਂਪਸ ਵਿੱਚ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਯੂਨਿਟ ਸੰਗਰੂਰ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਦੀ ਸਰਕਾਰ ਅਤੇ ਵਿਜੀਲੈਂਸ ਬਿਓਰੋ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਰਿਸ਼ਵਤਖੋਰਾਂ ਨੂੰ ਫੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਹੀਦ ਊਧਮ ਸਿੰਘ, ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਤਹਿਤ ਆਯੋਜਿਤ ਕੀਤੇ ਸੈਮੀਨਾਰ ਵਿੱਚ ਸਕੂਲ ਪ੍ਰਿੰਸੀਪਲ ਅਨਿਲ ਜੈਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਅਤੇ ਏ.ਐਸ.ਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਿਤੀ 28 ਅਕਤੂਬਰ ਤੋਂ 03 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ ਸਮੇਤ ਸਾਰੇ ਪੰਜਾਬ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕੇਂਦਰੀ ਚੌਕਸੀ ਕਮਿਸ਼ਨ ਦਿੱਲੀ ਵੱਲੋਂ ਹਰ ਸਾਲ ਇਕ ਨਾਅਰਾ ਦਿੱਤਾ ਹੈ। ਇਸ ਵਾਰ ਕਮਿਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ "ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ" ਨਾਅਰਾ ਦਿੱਤਾ ਗਿਆ ਹੈ। ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਉਣ ਦਾ ਉਦੇਸ਼ ਆਮ ਲੋਕਾਂ, ਵਿਦਿਆਰਥੀਆਂ ਤੇ ਹਰ ਵਰਗ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜਾਗਰੂਕ ਕਰਨਾ ਹੈ ਤਾਂ ਜ਼ੋ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਵਿਦਿਆਰਥੀ ਤੇ ਹਰ ਵਰਗ ਦੇ ਲੋਕ ਵੱਧ ਤੋ ਵੱਧ ਸਹਿਯੋਗ ਦੇ ਸਕਣ। ਅਧਿਕਾਰੀਆਂ ਨੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਨਾਈਆਂ ਜਾਂਦੀਆਂ ਤਕਨੀਕਾਂ ਜਿਵੇਂ ਕਿ ਟਰੈਪ, ਗੁਪਤ ਜਾਣਕਾਰੀ ਅਤੇ ਹੋਰ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਆਮ ਲੋਕ ਕਿਹੜੇ-ਕਿਹੜੇ ਸਾਧਨਾਂ ( ਟੋਲ ਫਰੀ ਨੰਬਰਾਂ, ਈ-ਮੇਲਾਂ) ਰਾਹੀਂ ਵਿਜੀਲੈਂਸ ਨੂੰ ਸ਼ਿਕਾਇਤ ਕਰ ਸਕਦੇ ਹਨ, ਬਾਰੇ ਵੀ ਜਾਣਕਾਰੀ ਦਿੱਤੀ।