ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਨਾਲ ਸੁਧਾਰ ਲਹਿਰ ਦੇ ਸਮਝੌਤੇ ਦੀਆਂ ਖਬਰਾਂ ਨੂੰ ਕੋਰੀ ਅਫਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਵਿੱਚ ਕੋਈ ਸਚਾਈ ਨਹੀਂ ਹੈ। ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀ ਮੁਸ਼ਕਿਲ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹਨ। ਦੋਵੇਂ ਸਰਕਾਰਾਂ ਰਾਜਨੀਤੀ ਕਰ ਰਹੀਆਂ ਹਨ ਅਤੇ ਕਿਸੇ ਨਾ ਕਿਸੇ ਮੁੱਦੇ 'ਤੇ ਕਿਸਾਨਾਂ ਤੋਂ ਬਦਲਾ ਲੈ ਰਹੀਆਂ ਹਨ। ਐਤਵਾਰ ਨੂੰ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਦੇ ਪਿਤਾ ਸਵਰਗੀ ਗਿਆਨ ਸਿੰਘ ਧਾਲੀਵਾਲ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਆ ਰਹੀਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾਵੇ। ਚਾਹੇ ਉਹ ਨਮੀ ਦੀ ਮਾਤਰਾ ਵਿੱਚ ਢਿੱਲ ਦੇਣ ਦਾ ਮੁੱਦਾ ਹੋਵੇ ਜਾਂ ਝੋਨੇ ਵਿੱਚੋਂ ਕੱਢੇ ਗਏ ਚੌਲਾਂ ਦੀ ਮਾਤਰਾ ਵਿੱਚ ਢਿੱਲ ਦੇਣ ਦਾ ਹੋਵੇ। ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਝੋਨੇ ਨੂੰ ਆਪਣੀ ਕਸਟਡੀ ਵਿੱਚ ਸਟੋਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਨੂੰ ਪੀਆਰ 126 ਵਿੱਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਕਿਸਾਨਾਂ ਨੇ ਇਸ ਦੀ ਪੈਦਾਵਾਰ ਸਰਕਾਰ ਦੀਆਂ ਹਦਾਇਤਾਂ 'ਤੇ ਕੀਤੀ ਹੈ। ਲੇਕਿਨ ਮੁੱਖ ਮੰਤਰੀ ਭਗਵੰਤ ਮਾਨ ਹੁਣ ਸਿਰਫ਼ ਇੱਕ ਮੋਹਰਾ ਬਣ ਕੇ ਰਹਿ ਗਿਆ ਹੈ। 'ਆਪ' ਦੀ ਸਿਖਰਲੀ ਲੀਡਰਸ਼ਿਪ ਪੰਜਾਬ ਦੀਆਂ ਸਮੱਸਿਆਵਾਂ ਤੋਂ ਜਾਣੂੰ ਨਹੀਂ ਹੈ ਅਤੇ ਪੰਜਾਬ ਨੂੰ ਦਿੱਲੀ ਸਮਝ ਕੇ ਚਲਾਈ ਜਾ ਰਹੀ ਹੈ ਜਿਸ ਕਾਰਨ ਪੰਜਾਬ ਦੇ ਹਰ ਵਰਗ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਕਦੇ ਵੀ ਅਜਿਹੀ ਭਿਆਨਕ ਸਥਿਤੀ ਪੈਦਾ ਨਹੀਂ ਹੋਈ। ਬਦਲਾਅ ਲਿਆਉਣ ਦੇ ਨਾਂਅ 'ਤੇ ਪੰਜਾਬ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੰਜਾਬ ਅੰਦਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਵਿਕਾਸ ਕਾਰਜਾਂ ਤੇ ਇੱਕ ਰੁਪਿਆ ਖਰਚ ਨਹੀਂ ਕੀਤਾ ਜਾ ਰਿਹਾ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ, ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਸਾਬਕਾ ਕੌਂਸਲਰ ਕਾਂਤਾ ਪੱਪਾ, ਸਤਵਿੰਦਰ ਸਿੰਘ ਨਹਿਲ, ਜਗਦੇਵ ਸਿੰਘ ਫੌਜੀ, ਇਸ਼ਵਰਮੀਤ ਸਿੰਘ ਮਿੱਠੂ ਛਾਹੜ, ਪਰਮਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।