ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਝੋਨੇ ਦੀ ਖਰੀਦ, ਚੁਕਾਈ ਅਤੇ ਡੀਏਪੀ ਖ਼ਾਦ ਦੀ ਘਾਟ ਨੂੰ ਪੂਰਾ ਕਰਨ ਵੱਲ ਧਿਆਨ ਦੇਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ ਖ਼ੁਆਰੀ ਬਾਦਸਤੂਰ ਜਾਰੀ ਹੈ, ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਬਾਰੇ ਜਾਰੀ ਕੀਤੇ ਜਾ ਰਹੇ ਅੰਕੜਿਆਂ ਵਿੱਚ ਫ਼ਰਕ ਮੰਡੀਆਂ ਵਿੱਚ ਜਾ ਕੇ ਸਪੱਸ਼ਟ ਦੇਖਿਆ ਜਾ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸੋਮਵਾਰ ਨੂੰ ਸੁਨਾਮ ਬਲਾਕ ਦੀਆਂ ਮੰਡੀਆਂ ਵਿੱਚ ਜਾਕੇ ਹਾਲਾਤ ਦੇਖਣ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ, ਭਗਵਾਨ ਸਿੰਘ ਅਤੇ ਜੀਤ ਸਿੰਘ ਗੰਢੂਆਂ ਨੇ ਕਿਹਾ ਕਿ ਝੋਨਾ ਵੇਚਣ ਆਇਆ ਕਿਸਾਨ ਬੋਲੀ ਨਾ ਲੱਗਣ ਕਾਰਨ ਪ੍ਰੇਸ਼ਾਨ ਹੋ ਰਿਹਾ ਹੈ। ਖ਼ਰੀਦ ਦੀ ਮੱਠੀ ਚਾਲ ਅਤੇ ਚੁਕਾਈ ਨਾ ਹੋਣ ਕਾਰਨ ਮੰਡੀਆਂ ਭਰੀਆਂ ਹੋਈਆਂ ਹਨ। ਜਿਣਸਾਂ ਲਾਹੁਣ ਲਈ ਜਗ੍ਹਾ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦਤਾ ਦਿਖਾਉਣ ਨਹੀਂ ਤਾਂ ਜਥੇਬੰਦੀ ਜ਼ੋਰਦਾਰ ਸੰਘਰਸ਼ ਵਿੱਢਣ ਤੋਂ ਗ਼ੁਰੇਜ਼ ਨਹੀਂ ਕਰੇਗੀ। ਉਨ੍ਹਾਂ ਕਈ ਪਿੰਡਾਂ ਦੇ ਖ਼ਰੀਦ ਕੇਂਦਰਾਂ ਵਿੱਚ ਇੰਸਪੈਕਟਰ ਨੂੰ ਨਾਲ ਲੈਕੇ ਬੋਲੀ ਵੀ ਲਗਵਾਈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਉਮੀਦਵਾਰਾਂ ਦੇ ਘਰਾਂ ਮੂਹਰੇ ਪੱਕੇ ਮੋਰਚੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਪਰਾਲੀ ਦਾ ਕੋਈ ਹੱਲ ਨਹੀਂ ਕਰ ਸਕਦੀ ਤਾਂ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਤਾਂ ਜੋ ਕਿਸਾਨ ਉਸ ਤੇ ਉਹ ਖਰਚ ਕਰਕੇ ਉਸ ਪਰਾਲੀ ਦੀ ਸਾਂਭ ਸੰਭਾਲ ਕਰ ਸਕਣ ਪਰੰਤੂ ਸਰਕਾਰਾਂ ਇਹ ਸਭ ਕੁੱਝ ਕਰਨ ਦੀ ਬਜਾਏ ਕਿਸਾਨਾਂ ਉੱਪਰ ਧੜਾ ਧੜਾ ਪਰਚੇ ਪਾ ਰਹੀਆਂ ਹਨ ਜਿਹੜਾ ਸਰਾਸਰ ਕਿਸਾਨਾਂ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੀਏਪੀ ਖ਼ਾਦ ਦੀ ਘਾਟ ਪੂਰੀ ਕਰਨ ਲਈ ਯਤਨ ਕਰੇ।