ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਰਾਏਸਰ, ਚੰਨਣਵਾਲ ਅਤੇ ਬੀਹਲਾ ਦਾ ਦੌਰਾ ਕੀਤਾ। ਉਨ੍ਹਾਂ ਪਿੰਡਾਂ ਦੀਆਂ ਸੱਥਾਂ 'ਚ ਬੈਠੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਪ੍ਰੇਰਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਉਸ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਪਿੰਡਾਂ ਨੂੰ ਵੱਧ ਮਸ਼ੀਨਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪਿਛਲੇ ਸਾਲ ਵੱਧ ਅੱਗ ਲੱਗਣ ਦੇ ਕੇਸ ਰਿਪੋਰਟ ਕੀਤੇ ਗਏ ਸਨ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਦੇ ਨੌਜਵਾਨ, ਨਰੇਗਾ ਲੇਬਰ, ਆਂਗਣਵਾੜੀ ਵਰਕਰਾਂ ਆਦਿ ਦੀ ਮਦਦ ਨਾਲ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਖੇਤ 'ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਉਨ੍ਹਾਂ ਦੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ 'ਚ ਮੌਜੂਦ ਸੰਦਾਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਲੋੜ ਅਨੁਸਾਰ ਉਸ ਦੀ ਵਰਤੋਂ ਪਰਾਲੀ ਦੇ ਖੇਤਾਂ ਵਿਚ ਹੀ ਪ੍ਰਬੰਧਨ ਲਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਮਿੱਤਰ ਕੀੜੇ ਅਤੇ ਮਿੱਟੀ 'ਚ ਮੌਜੂਦ ਬਹੁਮੁੱਲ ਤੱਤਾਂ ਨੂੰ ਸੰਭਲਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਵੀ ਹਾਜ਼ਰ ਸਨ।