ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਸੁਖਬੀਰ ਸਿੰਘ ਬਾਦਲ ਨੂੰ ਮੁਆਫੀ ਦਿਵਾਉਣ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਮੁੜ ਗੰਭੀਰ ਗਲਤੀਆਂ ਕਰ ਰਹੇ ਹਨ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਸੁਲਝੀ ਹੋਈ ਸ਼ਖ਼ਸੀਅਤ ਦੇ ਮਾਲਕ ਹਨ ਲੇਕਿਨ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੂੰ ਮੁਆਫ਼ੀ ਦਿਵਾਉਣ ਦੇ ਇਰਾਦੇ ਨਾਲ ਸਿੰਘ ਸਾਹਿਬਾਨ 'ਤੇ ਦਬਾਅ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਜਿਹੜਾ ਰੋਲ਼ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਵਿੱਚ ਨਿਭਾਇਆ ਸੀ, ਉਹੀ ਰੋਲ ਹੁਣ ਸੁਖਬੀਰ ਸਿੰਘ ਬਾਦਲ ਨੂੰ ਮੁਆਫੀ ਦਿਵਾਉਣ ਵਿੱਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਆਗੂਆਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ 'ਤੇ ਦਬਾਅ ਬਣਾਉਣ ਦੇ ਇਰਾਦੇ ਨਾਲ ਫਤਿਹਗੜ੍ਹ ਸਾਹਿਬ 'ਚ ਗੁਪਤ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਅਕਾਲੀ ਆਗੂਆਂ ਨੂੰ ਬੀਤੇ ਸਮੇਂ ਦੀਆਂ ਗਲਤੀਆਂ ਤੋਂ ਸਬਕ ਸਿੱਖਣ ਦੀ ਲੋੜ ਹੈ। ਉਨ੍ਹਾਂ ਗਲਤੀਆਂ ਕਾਰਨ ਅੱਜ ਅਕਾਲੀ ਦਲ ਕਿੱਥੇ ਖੜ੍ਹਾ ਹੈ ? ਜੇਕਰ ਅਜਿਹੀਆਂ ਗਲਤੀਆਂ ਦੁਬਾਰਾ ਹੋਈਆਂ ਤਾਂ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰੇਗੀ। ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਕਦੇ ਵੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰਨਾ ਚਾਹੁੰਦੀ। ਆਮ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਉਣ ਵਾਲੇ ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ ਜਦਕਿ ਸਿੰਘ ਸਾਹਿਬਾਨ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਬੋਲਣ ਵਾਲੇ ਆਗੂਆਂ ਨੂੰ ਚੁੱਪ ਕਰਾ ਦਿੱਤਾ ਜਾਂਦਾ ਹੈ। ਸਿੱਖ ਕੌਮ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ , ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਜਾਦਾਨਾ ਤੌਰ ਤੇ ਕੰਮ ਕਰਨ ਦੇਣਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਝੋਨੇ ਦੀ ਅਦਾਇਗੀ ਤੁਰੰਤ ਕੀਤੀ ਜਾਵੇ। ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਝੋਨੇ ਦੇ ਸੀਜ਼ਨ 'ਚ ਇੰਨੀ ਮੁਸ਼ਕਲ ਪਹਿਲਾਂ ਕਦੇ ਨਹੀਂ ਆਈ। ਇਸ ਮੌਕੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਲੱਕੀ ਜੱਸਲ, ਸੁਰਜੀਤ ਸਿੰਘ ਸ਼ੰਟੀ, ਬਲਜਿੰਦਰ ਸਿੰਘ ਕਾਕਾ ਠੇਕੇਦਾਰ , ਭਾਈ ਜਗਮੇਲ ਸਿੰਘ ਛਾਜਲਾ, ਪ੍ਰਿਤਪਾਲ ਸਿੰਘ ਕਾਲਾ, ਰਵਿੰਦਰ ਗੋਰਖਾ ਆਦਿ ਹਾਜ਼ਰ ਸਨ।