ਕਿਸਾਨ ਡੀਏਪੀ ਦੇ ਬਦਲ ਵਜੋਂ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ/ਡੀਲਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ‘ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਨੂੰ ਕਰਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਕਣਕ ਦੀ ਬਿਜਾਈ ਵਾਸਤੇ ਵਰਤੋਂ ਕੀਤੀ ਜਾ ਸਕਦੀ ਹੈ।
ਇਹ ਜਾਣਕਾਰੀ ਦੀ ਦਿੰਦਿਆਂ ਡਾ ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਪਿੰਡ ਕਡਾਲਾ ਦੇ ਕਿਸਾਨ ਜਸਮਿੰਦਰ ਸਿੰਘ ਜੋ ਕਿ ਲਗਭਗ 16 ਕਿੱਲਿਆਂ ਦੀ ਖੇਤੀ ਕਰ ਰਹੇ ਹਨ, ਨੇ ਦੱਸਿਆ ਕਿ ਡੀਏਪੀ ਦੀ ਘਾਟ ਦੇ ਚਲਦੇ ਬਦਲ ਦੇ ਤੌਰ 'ਤੇ ਬਾਜ਼ਾਰ ’ਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀਏਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਇਸ ਕਿਸਾਨ ਵੱਲੋਂ ਖਾਦ 12:32:16 ਦੀ ਵਰਤੋਂ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਰਹੀ ਹੈ। ਕਿਸਾਨ ਨੇ ਪਰਾਲੀ ਦੇ ਪ੍ਰਬੰਧਨ ਸਬੰਧੀ ਦੱਸਿਆ ਕਿ ਉਸ ਵਲੋਂ ਪਰਾਲੀ ਨੂੰ ਅੱਗ ਨਾ ਲਗਾ ਪਰਾਲੀ ਨੂੰ ਗੱਠਾ ਬਣਾ ਖਾਲੀ ਜਗ੍ਹਾ ਤੇ ਰਖਵਾਈਆਂ ਗਈਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 3000 ਐਮ ਟੀ ਖਾਦ ਦਾ ਸਟਾਕ ਉਪਲਬਧ ਹੈ ਅਤੇ ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ, ਜਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਲੋੜ ਮੁਤਾਬਕ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ।