ਕਿਹਾ, ਮੰਡੀਆਂ 'ਚ ਆਏ 1040262 ਮੀਟਰਿਕ ਟਨ ਚੋਂ 1030803 ਮੀਟਰਿਕ ਟਨ ਦੀ ਹੋਈ ਖ਼ਰੀਦ, 2286 ਕਰੋੜ ਰੁਪਏ ਦੀ ਹੋਈ ਅਦਾਇਗੀ
ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲੈਣ ਲਈ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਨਾਲੋਂ ਨਾਲ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਲਿਫ਼ਟਿੰਗ ਵੀ ਪੂਰੀ ਸਮਰੱਥਾ ਨਾਲ ਕੀਤੀ ਜਾਵੇ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਹਰੇਕ ਮੰਡੀ ਵਿੱਚ ਆ ਰਹੇ ਝੋਨੇ ਅਤੇ ਹੋ ਰਹੀ ਲਿਫ਼ਟਿੰਗ ਦਾ ਬਾਰੀਕੀ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਮੰਡੀਆਂ ਵਿੱਚ ਲਿਫ਼ਟਿੰਗ ਹੋਰ ਤੇਜ਼ੀ ਨਾਲ ਕੀਤੀ ਜਾ ਸਕਦੀ ਹੈ, ਉਥੇ ਅਧਿਕਾਰੀ ਖੁਦ ਹਾਜ਼ਰ ਰਹਿਕੇ ਕੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਵੱਖ ਵੱਖ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ।
ਡਾ. ਪ੍ਰੀਤੀ ਯਾਦਵ ਨੇ ਹੁਣ ਤੱਕ ਦੀ ਹੋਈ ਖ਼ਰੀਦ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1040262 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1030803 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 2286.70 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 100 ਫ਼ੀਸਦ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ਵਿੱਚ ਪਨਗਰੇਨ ਨੇ 464346 ਮੀਟਰਿਕ ਟਨ, ਮਾਰਕਫੈੱਡ ਨੇ 250195 ਮੀਟਰਿਕ ਟਨ, ਪਨਸਪ ਨੇ 193022 ਮੀਟਰਿਕ ਟਨ, ਪੀਐਸਡਬਲਿਯੂਸੀ ਨੇ 119928 ਮੀਟਰਿਕ ਟਨ, ਐਫ.ਸੀ.ਆਈ ਨੇ 2600 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 712 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਤੇ ਬੀਤੇ ਦਿਨ ਤੱਕ 752354 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਤੇ ਰੋਜ਼ਾਨਾ ਕਰੀਬ 55 ਹਜ਼ਾਰ ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਤੇ ਇਸ ਦੇ ਮੁਕਾਬਲੇ ਝੋਨੇ ਦੀ ਮੰਡੀਆਂ ਵਿੱਚ ਆਮਦ ਹੁਣ ਅੱਧੀ ਤੋਂ ਵੀ ਘੱਟ ਹੈ ਤੇ ਬੀਤੇ ਦਿਨ ਮੰਡੀਆਂ ਵਿੱਚ 26265 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ।