ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਹਾਲ ਸਿੰਘ ਢੀਂਡਸਾ ਅਤੇ ਦਰਸ਼ਨ ਸਿੰਘ ਚੰਗਾਲੀਵਾਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਬੰਦ ਕੀਤੇ ਖ਼ਰੀਦ ਕੇਂਦਰਾਂ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਵੀ ਕਾਰਪੋਰੇਟ ਪੱਖੀ ਨੀਤੀਆਂ ਦੇ ਰਾਹ ਤੁਰ ਪੈ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਵਿੱਚ ਲੱਖਾਂ ਕੁਇੰਟਲ ਝੋਨਾ ਇਸ ਸਮੇਂ ਵਿਕਣ ਲਈ ਪਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਪ੍ਰਾਈਵੇਟ ਮੰਡੀਆਂ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿਖੇ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਝੋਨੇ ਦੀ ਢਿੱਲੀ ਖ਼ਰੀਦ ਅਤੇ ਚੁਕਾਈ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਏਪੀ ਖ਼ਾਦ ਦੀ ਘਾਟ ਵੀ ਕਿਸਾਨਾਂ ਲਈ ਪ੍ਰੇਸ਼ਾਨੀ ਬਣਿਆ ਹੋਇਆ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਜਥੇਬੰਦੀ 14 ਨਵੰਬਰ ਤੋਂ ਬਰਨਾਲਾ ਵਿਖੇ ਕਾਰਪੋਰੇਟ ਘਰਾਣੇ ਦੇ ਇੱਕ ਸ਼ਾਪਿੰਗ ਮਾਲ ਦੇ ਸਾਹਮਣੇ ਪੱਕਾ ਮੋਰਚਾ ਲਾਵੇਗੀ ਤਾਂ ਜੋ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਗਿੱਦੜਬਹਾ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਕੋਈ ਫ਼ਰਕ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਪੰਜਾਬ ਅੰਦਰ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਤਿੰਨ ਸੌ ਦੇ ਕਰੀਬ ਖ਼ਰੀਦ ਕੇਂਦਰ ਬੰਦ ਕਰਨੇ ਇਸ ਦਾ ਪ੍ਰਤੱਖ ਪ੍ਰਮਾਣ ਹੈ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ 13 ਨਵੰਬਰ ਬੁੱਧਵਾਰ ਨੂੰ ਜਥੇਬੰਦੀ ਵੱਲੋਂ ਕਾਲਾਝਾੜ ਅਤੇ ਚੋਟੀਆਂ ਟੋਲ ਪਲਾਜ਼ਾ ਤੇ ਵੱਡੇ ਇਕੱਠ ਕਰਕੇ ਧਰਨੇ ਸਮਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖਣ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ, ਜਸਵੀਰ ਸਿੰਘ ਗੱਗੜਪੁਰ, ਜਸਵੰਤ ਸਿੰਘ ਤੋਲਾਵਾਲ ਸਮੇਤ ਹੋਰ ਬਲਾਕ ਪ੍ਰਧਾਨ ਅਤੇ ਅਹੁਦੇਦਾਰ ਹਾਜ਼ਰ ਸਨ।