ਨਸ਼ਾ ਅਤੇ ਕ੍ਰਾਈਮ ਸਰਕਾਰ ਨੂੰ ਨਹੀਂ ਆ ਰਿਹਾ ਨਜ਼ਰ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ਼ ਕੀਤੇ ਜਾ ਰਹੇ ਪਰਾਲੀ ਸਾੜਨ ਦੇ ਕੇਸ ਰੱਦ ਕਰਵਾਉਣ ਲਈ ਸੰਘਰਸ਼ ਵਿੱਢਾਂਗੇ। ਅੰਨਦਾਤਾ ਮੰਡੀਆਂ ਵਿੱਚ ਝੋਨਾ ਵੇਚਣ ਲਈ ਰੁਲ ਰਿਹਾ ਹੈ ਉਲਟਾ ਕਿਸਾਨਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਬੁੱਧਵਾਰ ਨੂੰ ਪਿੰਡ ਉਗਰਾਹਾਂ ਵਿਖੇ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਕਿਸਾਨ ਮਜਬੂਰੀਵੱਸ ਪਰਾਲੀ ਨੂੰ ਅੱਗ ਲਾ ਰਹੇ ਹਨ ਲੇਕਿਨ ਸੂਬੇ ਦੀ ਭਗਵੰਤ ਮਾਨ ਸਰਕਾਰ ਸੈਟੇਲਾਈਟ ਰਾਹੀਂ ਪਛਾਣ ਕਰਕੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਜਿਹੇ ਵਰਤਾਰੇ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੀ ਖਰੀਦ ਅਤੇ ਚੁਕਾਈ ਵਿੱਚ ਦੇਰੀ ਅਤੇ ਡੀਏਪੀ ਖ਼ਾਦ ਦੀ ਘਾਟ ਵੱਲ ਉਚੇਚਾ ਧਿਆਨ ਨਹੀਂ ਦੇ ਰਹੀ ਉਲਟਾ ਅੰਨਦਾਤੇ ਨੂੰ ਪਰਚੇ ਪਾਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ਼ ਮੁਕੱਦਮੇ ਰੱਦ ਕਰਵਾਉਣ ਲਈ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਪਾਲ ਸਿੰਘ ਦੌਲਾ ਸਿੰਘ ਵਾਲਾ, ਮਹਿੰਦਰ ਸਿੰਘ ਨਮੋਲ, ਅਤੇ ਯਾਦਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਪਰਾਲੀ ਦੇ ਪ੍ਰਦੂਸ਼ਣ ਨੂੰ ਲੈਕੇ ਜਿੰਨਾਂ ਜ਼ੋਰ ਪੰਜਾਬ ਤੇ ਕੇਂਦਰ ਦੀ ਸਰਕਾਰ ਲਾ ਰਹੀ ਹੈ ਜੇਕਰ ਇੰਨਾਂ ਜੋਰ ਨਸ਼ੇ ਅਤੇ ਕਰਾਇਮ ਰੋਕਣ ਲਈ ਲਾਇਆ ਹੁੰਦਾ ਤਾਂ ਅੱਜ ਸੂਬੇ ਵਿਚੋਂ ਨਸ਼ਾ ਤੇ ਕਰਾਇਮ ਬੰਦ ਹੋ ਜਾਂਦਾ, ਅੱਜ ਜਦੋਂ ਕਿਸਾਨ ਝੋਨਾ ਵੇਚਣ ਲਈ ਮੰਡੀਆਂ ਚ ਸੰਘਰਸ਼ ਲੜ ਰਿਹਾ ਹੈ ਤਾਂ ਕਿਸਾਨਾਂ ਤੇ ਪੰਜਾਬ ਸਰਕਾਰ ਵੱਲੋਂ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ। ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏ ਕੇ ਕਲਾਂ ਵਿੱਚ ਹੱਕ ਮੰਗਦੇ ਕਿਸਾਨਾਂ ਤੇ ਜੋ ਲਾਠੀਚਾਰਜ਼ ਕੀਤਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਉਸਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਕਿਸਾਨਾਂ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਤੇ ਮੁਕੱਦਮੇ ਦਰਜ਼ ਕੀਤੇ ਜਾਣ। ਕਿਸਾਨ ਆਗੂਆਂ ਨੇ ਦੱਸਿਆ ਕਿ ਉਪਰੋਕਤ ਮੰਗਾਂ ਲਈ 14 ਨਵੰਬਰ ਤੋਂ ਬਰਨਾਲਾ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਇਸ ਲਈ ਸੁਨਾਮ ਬਲਾਕ ਵਿੱਚੋਂ ਵੱਡੇ ਕਾਫਲੇ ਬਰਨਾਲਾ ਵੱਲ ਰਵਾਨਾ ਹੋਣਗੇ।