ਸੁਨਾਮ : ਐਸਡੀਐਮ ਪ੍ਰਮੋਦ ਸਿੰਗਲਾ ਨੇ ਵੀਰਵਾਰ ਨੂੰ ਛਾਜਲੀ ਦੇ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕਰਦਿਆਂ ਉਥੇ ਮੌਜੂਦ ਲੋਕਾਂ ਨੂੰ ਪ੍ਰਦਾਨ ਕੀਤਿਆਂ ਜਾ ਰਹੀਆਂ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਣਾਲੀ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਦਿੱਤੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸੇਵਾ ਕੇਂਦਰ ਦਾ ਸਟਾਫ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਦਾ ਪਾਬੰਦ ਰਹਿਣਾ ਚਾਹੀਦਾ ਹੈ ਅਤੇ ਨਿਰਧਾਰਤ ਸਮਾਂ ਸਾਰਣੀ ਮੁਤਾਬਕ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਸਬ ਡਵੀਜ਼ਨ ਸੁਨਾਮ ਅਧੀਨ ਆਉਂਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਟਾਫ ਨੂੰ ਸਮੇਂ ਦਾ ਪਾਬੰਦ ਹੋਣ ਦੀ ਸਖਤ ਹਦਾਇਤ ਹੈ ਅਤੇ ਇਸ ਦੀ ਜਾਂਚ ਲਈ ਉਹ ਪਹਿਲਾਂ ਵੀ ਸਮੇਂ ਸਮੇਂ ਤੇ ਚੈਕਿੰਗ ਕਰਦੇ ਰਹਿੰਦੇ ਹਨ। ਸਿੰਗਲਾ ਨੇ ਇਸ ਦੌਰਾਨ ਮੌਕੇ ਉੱਤੇ ਮੌਜੂਦ ਲੋਕਾਂ ਤੋਂ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤੀ।