ਬੱਸੀ ਪਠਾਣਾਂ : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਸੰਪਰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ ਹਨ। ਜਿਨ੍ਹਾਂ ਨਾਲ ਵੱਖ-ਵੱਖ ਸੜਕਾਂ ਦੀ ਕਾਇਆ ਕਲਪ ਕੀਤੀ ਜਾਣੀ ਹੈ।
ਇਸੇ ਤਹਿਤ ਇਸ ਸੜਕ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤੇ ਸ਼ਰਧਾਲੂਆਂ ਨੂੰ ਆਵਾਜਾਈ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਕੰਮ ਬਹੁਤ ਜਲਦ ਸ਼ੁਰੂ ਕਰ ਕੇ ਜੰਗੀ ਪੱਧਰ ਉੱਤੇ ਚਲਾ ਕੇ ਨੇਪਰੇ ਚਾੜ੍ਹ ਦਿੱਤਾ ਜਾਵੇਗਾ।