08 ਦਸੰਬਰ ਤੋਂ 10 ਦਸੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ
ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ
ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੰਬਾਕੂ ਦੀ ਰੋਕਥਾਮ ਵਾਸਤੇ ਕੀਤੇ ਘੱਟ ਚਲਾਨ ਦਾ ਸਖਤ ਨੋਟਿਸ ਲੈਂਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੂੰਹ ਦੇ ਕੈਂਸਰ ਦੀ ਰੋਕਥਾਮ ਲਈ ਕੋਟਪਾ ਐਕਟ ਅਧੀਨ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕਰਨ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਹਦਾਇਤ ਕੀਤੀ ਕਿ ਕੋਟਪਾ ਐਕਟ ਅਧੀਨ ਚਲਾਨ ਕੱਟਣ ਵਾਲੀਆਂ ਟੀਮਾਂ ਦੀ ਨਿੱਜੀ ਨਿਗਰਾਨੀ ਰੱਖੀ ਜਾਵੇ ਤੇ ਸਮੂਹ ਐਸ.ਐਮ.ਓਜ਼ ਨੂੰ ਇਸ ਸਬੰਧੀ ਤੇਜੀ ਨਾਲ ਕੰਮ ਕਰਨ ਲਈ ਹਦਾਇਤ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਪਲਸ ਪੋਲੀਓ ਐਸ.ਐਨ.ਆਈ.ਡੀ. ਰਾਊਂਡ ਚਲਾਇਆ ਜਾ ਰਿਹਾ ਹੈ। ਇਸ ਤਹਿਤ 08 ਦਸੰਬਰ ਨੂੰ 0-5 ਸਾਲ ਤੱਕ ਦੀ ਉਮਰ ਦੇ ਲਗਭਗ 51794 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 366 ਬੂਥ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 09-10 ਦਸੰਬਰ ਨੂੰ 573 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਬਕ ਨੇਪਰੇ ਚਾੜਨ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾਵੇ।
ਏ.ਡੀ.ਸੀ. ਗੀਤਿਕਾ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਜ਼ਿਲ੍ਹੇ ਵਿੱਚ ਸਥਿਤ ਅਲਟਰਾ ਸਾਊਂਡ ਕੇਂਦਰਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਤੇ ਭਰੂਣ ਹੱਤਿਆ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚੋਂ ਭਰੂਣ ਹੱਤਿਆ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੇ ਮੁਕੰਮਲ ਟੀਕਾਕਰਨ ਲਈ 30 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮੰਤਵ 5 ਸਾਲ ਤੰਕ ਦੀ ਉਮਰ ਦੇ ਪ੍ਰਵਾਸੀ ਬੱਚੇ ਜਾਂ ਉਹ ਬੱਚੇ ਜਿਨ੍ਹਾਂ ਨੂੰ ਕਿਸੇ ਕਾਰਨ ਕੋਈ ਵੈਕਸੀਨੇਸ਼ਨ ਲਗਾਉਣ ਤੋਂ ਰਹਿ ਗਈ ਹੋਵੇ, ਦਾ ਟੀਕਾਕਰਨ ਕਰਨਾ ਹੈ।
ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸ਼ੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।