ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਇਸ ਦੇ ਬਦਲੇ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਜਾਲ ਵਿਛਾ ਕੇ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੇ ਰੰਗੇ ਹੋਏ ਕਰੰਸੀ ਨੋਟ ਉਸ ਕੋਲੋਂ ਮੌਕੇ ਤੇ ਹੀ ਬਰਾਮਦ ਕਰ ਲਏ ਗਏ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।