ਸੁਨਾਮ : ਕਿਸਾਨੀ ਮੰਗਾਂ ਮਨਵਾਉਣ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਲਈ ਕਿਸਾਨਾਂ ਮਜ਼ਦੂਰਾਂ ਦੇ ਦੋਵੇਂ ਫੋਰਮਾ ਵੱਲੋਂ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਘੇਰਨ ਦੇ ਕੀਤੇ ਐਲਾਨ ਤੋਂ ਬਾਅਦ ਜਥੇਬੰਦੀਆਂ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸ਼ੁੱਕਰਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾ ਘਿਰਾਓ ਵੀ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਜਨਰਲ ਸਕੱਤਰ ਰਣ ਸਿੰਘ ਚੱਠਾ , ਜੱਗੀ ਸਿੰਘ ਗੰਢੂਆਂ ਬਲਾਕ ਪ੍ਰਧਾਨ, ਕੇਵਲ ਸਿੰਘ ਜਵੰਧਾ ਜਨਰਲ ਸਕੱਤਰ ,ਕਰਮ ਸਿੰਘ ਨਮੋਲ, ਦਰਸ਼ਨ ਸਿੰਘ ਛਾਜਲਾ, ਹਰਬੰਸ ਸਿੰਘ ਖਡਿਆਲ, ਸੋਹਣ ਸਿੰਘ ਚੱਠਾ ਅਤੇ ਭੋਲਾ ਸਿੰਘ ਚੱਠਾ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਲਈ ਪਹਿਲੀ ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀਆਂ ਨੂੰ ਲੈਕੇ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਕਤ ਵਰਤਾਰੇ ਦੇ ਖਿਲਾਫ ਲੋਕਾਂ ਵਿੱਚ ਰੋਹ ਪੈਦਾ ਹੋ ਰਿਹਾ ਹੈ। ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਸ਼ਮੂਲੀਅਤ ਕਰਨਗੇ। ਇਸੇ ਲੜੀ ਦੇ ਤਹਿਤ ਪਹਿਲੀ ਦਸੰਬਰ ਨੂੰ ਦੇਸ਼ ਭਰ ਚ’ ਕਿਸਾਨ ਤੇ ਮਜ਼ਦੂਰ ਸੰਗਠਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਡੀਐਮਸੀ, ਹਸਪਤਾਲ ਲੁਧਿਆਣਾ ਦਾ ਵੀ ਘਿਰਾਓ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ‘ਤੇ ਸ਼ੁਕਰਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡਾ ਦਾ ਮਰਨ ਵਰਤ ਚੌਥੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਦੱਸਿਆ ਕਿ ਡੱਲੇਵਾਲ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਕੁੱਝ ਵੀ ਨਹੀਂ ਖਾ ਰਹੇ ਹਨ।