ਤਹਿਸੀਲਦਾਰ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ
ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਵਿਧਾਨ ਸਭਾ ਹਲਕੇ ਸੁਨਾਮ ਦੀ ਤਹਿਸੀਲ ਵਿੱਚ ਪਿਛਲੇ ਚਾਰ-ਪੰਜ ਦਿਨਾਂ ਤੋਂ ਜਾਇਦਾਦਾਂ ਦੀਆਂ ਰਜਿਸਟਰੀਆਂ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਲੋਕਾਂ ਨੇ ਸੁਨਾਮ ਪਟਿਆਲਾ ਮੁੱਖ ਸੜਕ ’ਤੇ ਜਾਮ ਲਾ ਦਿੱਤਾ ਧਰਨਾਕਾਰੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦੀ ਪੁਲਿਸ ਨਾਲ ਤਲਖ਼ੀ ਕਾਰਨ ਮਾਹੌਲ ਇੱਕਦਮ ਗਰਮਾ ਗਿਆ ਅਤੇ ਪੁਲਿਸ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੰਗਲਵਾਰ ਸ਼ਾਮ ਨੂੰ ਤਹਿਸੀਲ ਕੰਪਲੈਕਸ ਦੇ ਬਾਹਰ ਸੁਨਾਮ ਪਟਿਆਲਾ ਮੁੱਖ ਸੜਕ ਤੇ ਜਾਮ ਲਾਕੇ ਬੈਠੇ ਦਲਬਾਰਾ ਸਿੰਘ ਛਾਜਲੀ, ਗੁਰਦਿਆਲ ਸਿੰਘ, ਸੋਨੀ, ਗੁਰਮੀਤ ਸਿੰਘ, ਕਰਨੈਲ ਸਿੰਘ ਅਤੇ ਜਗਪਾਲ ਸਿੰਘ ਜੱਗੀ ਨੇ ਦੱਸਿਆ ਕਿ ਉਹ ਆਪਣੀਆਂ ਰਜਿਸਟਰੀਆਂ ਕਰਾਉਣ ਲਈ ਕਈ ਦਿਨਾਂ ਤੋਂ ਤਹਿਸੀਲ ਦਫ਼ਤਰ ਆ ਰਹੇ ਹਨ ਪਰ ਇੱਥੇ ਅਧਿਕਾਰੀਆਂ ਦੀ ਅਣਹੋਂਦ ਕਾਰਨ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਅਤੇ ਅੱਜ ਵੀ ਅਜਿਹੇ ਹੀ ਹਾਲਾਤ ਬਣੇ ਰਹੇ। ਜਿਸ ਤੋਂ ਪ੍ਰੇਸ਼ਾਨ ਹੋਕੇ ਉਨ੍ਹਾਂ ਨੂੰ ਮਜਬੂਰੀ ਵੱਸ ਸੜਕ ਤੇ ਜਾਮ ਲਾਉਣਾ ਪਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਲੋਕਾਂ ਦੀ ਖੱਜਲ ਖ਼ੁਆਰੀ ਅਤੇ ਪੈਸੇ ਦੀ ਸੁਰੱਖਿਆ ਸਬੰਧੀ ਜਾਣੂੰ ਕਰਵਾਇਆ ਗਿਆ ਲੇਕਿਨ ਮਾਮਲਾ ਜਿਉਂ ਦੀ ਤਿਉਂ ਬਰਕਰਾਰ ਰਿਹਾ। ਇਸੇ ਦੌਰਾਨ ਸੰਗਰੂਰ ਤੋਂ ਐਮਰਜੈਂਸੀ ਡਿਊਟੀ ਤੋਂ ਪਰਤੇ ਸੁਨਾਮ ਵਿਖੇ ਤਾਇਨਾਤ ਤਹਿਸੀਲਦਾਰ ਸੁਮਿੱਤ ਢਿੱਲੋਂ ਨੇ ਲੋਕਾਂ ਨੂੰ ਸ਼ਾਂਤ ਕੀਤਾ। ਉਨ੍ਹਾਂ ਦੱਸਿਆ ਕਿ ਉਹ ਸੰਗਰੂਰ ਵਿੱਚ ਮੁੱਖ ਮੰਤਰੀ ਨਿਵਾਸ ’ਤੇ ਡਿਊਟੀ ਤੋਂ ਬਾਅਦ ਇੱਕ ਅਹਿਮ ਮੀਟਿੰਗ ਵਿੱਚ ਗਏ ਹੋਏ ਸਨ। ਅੱਜ ਹੀ ਸਾਰੀਆਂ ਰਜਿਸਟਰੀਆਂ ਕਰਕੇ ਹੀ ਘਰ ਜਾਵਾਂਗੇ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ।