ਚੰਡੀਗੜ੍ਹ, 4 ਦਸੰਬਰ (ਪੰਜਾਬੀ ਸਹਿਜ ਟਾਈਮਜ਼ ਨਿਊਜ਼) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੈਂ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਨੂੰ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਮੰਨਦਾ ਹਾਂ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਕੀ ਹੈ। ਜਿਸ ਨੇ ਵੀ ਗੋਲੀਆਂ ਚਲਾਈਆਂ ਹਨ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਸਜ਼ਾ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਏ.ਸੀ.ਪੀ. ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਉਸ ਦੇ ਖ਼ਿਲਾਫ਼ ਤੁਰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨੀ ਡਿਊੜੀ ਦੇ ਨੇੜੇ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੰਜਾਬ ਦੇ ਸੀ.ਐਮ.ਓ. ਅਨੁਸਾਰ ਹਮਲਾਵਰ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ ਜਿਸ ਨੂੰ ਪੁਲਿਸ ਨੇ ਤੁਰਤ ਕਾਬੂ ਕਰ ਲਿਆ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕੋਈ ਸੱਟ ਨਹੀਂ ਲੱਗੀ। ਇਸ ਤੋਂ ਇਲਾਵਾ ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਪੁਲਿਸ ਵਲੋਂ ਪਹਿਲਾਂ ਤੋਂ ਸਾਵਧਾਨੀ ਨਾ ਵਰਤਣ ਲਈ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਇਹ ਗ਼ਲਤ ਹੈ ਅਤੇ ਅਜਿਹਾ ਕਦੇ ਨਹੀਂ ਹੋਣਾ ਚਾਹੀਦਾ ਸੀ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਲਿਸ ਨੂੰ ਪਹਿਲਾਂ ਤੋਂ ਚੌਕਸੀ ਰੱਖਣੀ ਚਾਹੀਦੀ ਸੀ। ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਸਮੇਂ ਤੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ।