ਸੁਨਾਮ : ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਘਿਨਾਉਣੀ ਹਰਕਤ ਕ਼ਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲਹਿ ਚੁੱਕੀ ਹੈ। ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਹਨ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਅਜਿਹੇ ਪਵਿੱਤਰ ਸਥਾਨ 'ਤੇ ਹੋਏ ਜਾਨਲੇਵਾ ਹਮਲੇ ਨੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਹਾਂਡਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਸੱਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਢੀਂਡਸਾ ਨਾਲ ਵੀ ਕੁੱਝ ਅਣਸੁਖਾਵਾਂ ਵਾਪਰ ਸਕਦਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿ ਇਸ ਦੇ ਪਿੱਛੇ ਛੁਪਿਆ ਕੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਰਾਜ ਅੰਦਰ ਲੁੱਟ ਖਸੁੱਟ, ਕਤਲੋਗਾਰਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।