ਸੁਨਾਮ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਮੁਲਾਜ਼ਮ ਅਤੇ ਅਧਿਆਪਕ ਵਿਰੋਧੀ ਨੀਤੀਆਂ ਦੇ ਖਿਲਾਫ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਨੇੜੇ ਆਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਸ਼ੁੱਕਰਵਾਰ ਨੂੰ ਸੁਨਾਮ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦਾ ਜਥਾ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਦੀ ਅਗਵਾਈ ਹੇਠ ਰਵਾਨਾ ਹੋਇਆ। ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ, ਦੇਵੀ ਦਿਆਲ, ਮਨਦੀਪ ਸਿੰਘ, ਰਾਜ ਸਿੰਘ ਸੇਰੋਂ, ਗੁਰਭੇਜ ਸਿੰਘ ਸ਼ਾਹਪੁਰ, ਸੁਰਿੰਦਰਪਾਲ ਮਿੱਤਲ, ਅਵਤਾਰ ਸਿੰਘ ਹਰੀਕਾ, ਸੰਜੀਵ ਜਿੰਦਲ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਗੰਢੂਆਂ, ਸੱਤਪਾਲ ਸਿੰਘ, ਲਵਨੀਸ਼ ਰਾਏ, ਭੀਮ ਸੈਨ ਅਤੇ ਗੁਰਜੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਧਿਆਪਕਾਂ ਸਮੇਤ ਹੋਰਨਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ ਜਦਕਿ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਦੇ ਸਰਕਾਰ ਵਿਰੋਧੀ ਧਰਨਿਆਂ ਵਿੱਚ ਵਾਅਦਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਾਰੀਆਂ ਮੰਗਾਂ ਪਹਿਲ ਦੇ ਅਧਾਰ ਤੇ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਲਗਾਤਾਰ ਲਾਰੇ ਲਾ ਰਹੇ ਹਨ ਜਿਸ ਕਾਰਨ ਅਧਿਆਪਕਾਂ ਵਿੱਚ ਸਰਕਾਰ ਖ਼ਿਲਾਫ਼ ਨਾਰਾਜ਼ਗੀ ਪਾਈ ਜਾ ਰਹੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ, ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ਤੇ ਰੈਗੂਲਰ ਕਰਨ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਵੇ। ਉਨ੍ਹਾਂ ਆਖਿਆ ਕਿ ਮੁਲਾਜ਼ਮ ਵਰਗ ਸਰਕਾਰ ਦੀਆਂ ਵਾਅਦਾ ਖਿਲਾਫੀ ਨੀਤੀਆਂ ਨੂੰ ਸਮਝ ਚੁੱਕਾ ਹੈ ਭਵਿੱਖ ਵਿੱਚ ਮੁਲਾਜ਼ਮ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ।