ਚੰਡੀਗੜ : ਸੂਬੇ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਸੈਰ -ਸਪਾਟਾ ਖੇਤਰ ਨੂੰ ਹੋਰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ ਨੇ ਮੰਗਲਵਾਰ ਨੂੰ ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਿਸ ਵਿੱਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਤੀਜੇ ਪੜਾਅ ਅਤੇ ਰਣਜੀਤ ਸਾਗਰ ਡੈਮ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਵਾਲੇ ਪ੍ਰਾਜੈਕਟ ਸ਼ਾਮਲ ਹਨ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ 156ਵੀਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਵਾਲੇ ਯੂ.ਆਈ.ਆਈ.ਪੀ. ਦੇ ਤੀਜੇ ਪੜਾਅ ਨੂੰ ਪ੍ਰਵਾਨਗੀ ਤੋਂ ਬਾਅਦ ਇਸ ਯੋਜਨਾ ਤਹਿਤ ਕੁੱਲ ਖਰਚਾ 1,915.71 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਸਕੀਮ ਦਾ ਉਦੇਸ਼ ਸੂਬੇ ਦੀਆਂ ਸਾਰੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣਾ ਹੈ।
ਮੁੱਖ ਸਕੱਤਰ ਨੇ ਐਲਾਨ ਕੀਤਾ ਕਿ ਕਮੇਟੀ ਨੇ ਪੀ.ਆਈ.ਡੀ.ਬੀ. ਨੂੰ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ 250 ਕਰੋੜ ਰੁਪਏ ਦੇ ਵਾਧੂ ਫੰਡਾਂ ਨਾਲ ਇੱਕ ਵਿਸ਼ੇਸ਼ ਕੰਪੋਨੈਂਟ ਪ੍ਰੋਗਰਾਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਪਠਾਨਕੋਟ ਜ਼ਿਲੇ ਵਿੱਚ ਰਣਜੀਤ ਸਾਗਰ ਡੈਮ ਝੀਲ ਦੇ ਵਿਕਾਸ ਸੰਬੰਧੀ ਲੰਬਿਤ ਪਏ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਝੀਲ ਨੂੰ ਪੀ.ਪੀ.ਪੀ ਮੋਡ ਰਾਹੀਂ 450 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਾਜੈਕਟ ਸਥਾਨਕ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਦੋਵਾਂ ਰੂਪਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। ਕਮੇਟੀ ਨੇ ਪੀਆਈਡੀਬੀ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਾਜੈਕਟ ਦੀ ਬੋਲੀ ਲਗਾਉਣ ਸਬੰਧੀ ਪ੍ਰਕਿਰਿਆ ਸੁਰੂ ਕਰਨ ਦੇ ਵੀ ਹੁਕਮ ਦਿੱਤੇ।
ਸੂਬੇ ਵਿੱਚ ਸੜਕੀ ਸੰਪਰਕ ਨੂੰ ਵਧਾਉਣ ਲਈ ਤਿੰਨ ਸੜਕੀ ਪ੍ਰਾਜੈਕਟ : ਜਲੰਧਰ ਵਿਖੇ ਟਾਂਡਾ ਰੇਲਵੇ ਕਰਾਸਿੰਗ ‘ਤੇ ਰੇਲਵੇ ਅੰਡਰ ਬਿ੍ਰਜ (ਆਰ.ਯੂ.ਬੀ) ਅਤੇ 53.23 ਕਰੋੜ ਰੁਪਏ ਦੀ ਲਾਗਤ ਵਾਲੇ ਲੰਬਾ ਪਿੰਡ-ਜੰਡੂ ਸਿੰਘਾ ਰੋਡ ਨੂੰ 4-ਲੇਨ ਬਣਾਉਣ ਵਾਲੇ ਪ੍ਰਾਜੈਕਟ ਚਲਾਏ ਜਾ ਰਹੇ ਹਨ।
ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ ਨੇ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਲੋਕ ਨਿਰਮਾਣ ਵਿਭਾਗ ਦੀ ਪੁਰਾਣੀ ਇਮਾਰਤ ਨੂੰ ਵਿਰਾਸਤੀ ਹੋਟਲ ਵਜੋਂ ਵਿਕਸਤ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਅਤੇ ਪੀ.ਆਈ.ਡੀ.ਬੀ. ਨੂੰ ਇਸ ਪ੍ਰਾਜੈਕਟ ਬਾਰੇ ਛੇਤੀ ਤੋਂ ਛੇਤੀ ਕਾਰਵਾਈ ਆਰੰਭਣ ਦੇ ਨਿਰਦੇਸ਼ ਦਿੱਤੇ।