ਸ਼ੰਭੂ ਬਾਰਡਰ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਗੈਰ ਵਾਜਬ
ਸੁਨਾਮ : ਕਿਸਾਨੀ ਮਸਲਿਆਂ ਲਈ ਮਹੀਨਿਆਂ ਬੱਧੀ ਪੱਕੇ ਮੋਰਚੇ ਨੂੰ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕੀਤੇ ਜਾਣ ਕਾਰਨ ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਤੇ ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਤੇ ਅੱਥਰੂ ਗੈਸ ਦੇ ਗੋਲੇ ਮਾਰਕੇ ਜ਼ਖ਼ਮੀ ਕਰਨ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਨਵੀਂ ਅਨਾਜ ਮੰਡੀ ਵਿਖੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀ ਅਰਥੀ ਫੂਕਣ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਭਗਵਾਨ ਸਿੰਘ ਸੁਨਾਮ, ਮੇਜ਼ਰ ਸਿੰਘ ਔਲਖ ਅਤੇ ਹਰਵੰਤ ਸਿੰਘ ਛਾਜਲੀ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਅਗਵਾਈ ਹੇਠਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਜਾਨਲੇਵਾ ਕਰਜ਼ਿਆਂ ਥੱਲੇ ਦੱਬੇ ਹਜ਼ਾਰਾਂ ਦੀ ਤਾਦਾਦ ਵਿੱਚ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਚੁੱਕੇ ਅਤੇ ਲਗਾਤਾਰ ਹੋ ਰਹੇ ਕਿਸਾਨਾਂ ਦੀ ਐੱਮ ਐੱਸ ਪੀ 'ਤੇ ਫਸਲਾਂ ਦੀ ਖ੍ਰੀਦ ਦੀ ਕਾਨੂੰਨੀ ਗਾਰੰਟੀ ਵਰਗੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਖੋਹਿਆ ਜਾ ਰਿਹਾ ਹੈ। ਇਸੇ ਦੁਸ਼ਮਣੀ ਦਾ ਸਬੂਤ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਦੁਆਰਾ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾ ਰਹੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਜਮਹੂਰੀ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਪੁਲਿਸ ਜਬਰ ਬੰਦ ਕੀਤਾ ਜਾਵੇ। ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਮੁਲਕ ਦੀ ਰਾਜਧਾਨੀ ਹੈ ਆਪਣੇ ਹੱਕੀ ਮੰਗਾਂ ਲਈ ਹਰ ਇੱਕ ਨਾਗਰਿਕ ਨੂੰ ਦਿੱਲੀ ਦੇ ਹਾਕਮਾਂ ਕੋਲ ਜਾਣ ਦਾ ਜਮਹੂਰੀ ਅਧਿਕਾਰ ਹੈ। ਅੱਥਰੂ ਗੈਸ ਦੇ ਗੋਲੇ ਦਾਗਕੇ ਜਮਹੂਰੀ ਕਦਰਾਂ ਕੀਮਤਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਨੂੰ ਯਕੀਨੀ ਬਣਾਵੇ ਕਿਸਾਨਾਂ ਤੇ ਤਸ਼ੱਦਦ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।