ਸੁਨਾਮ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਦੀ ਅਗਵਾਈ ਵਿੱਚ ਪੀਟੀਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ 15 ਦਸੰਬਰ ਨੂੰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਵੱਲ ਰੋਸ ਮਾਰਚ ਤੇ ਧਰਨਾ ਲਗਾਉਣ ਸੰਬੰਧੀ ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਰਾਹੀਂ ਪੰਜਾਬ ਸਰਕਾਰ ਨੂੰ ਨੋਟਿਸ ਸੌਂਪਿਆ ਗਿਆ। ਪੀਟੀਆਈ ਅਤੇ ਡਰਾਇੰਗ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਦੱਸਿਆ ਕਿ ਸਿੱਖਿਆ ਵਿਭਾਗ (ਡੀਐਸਸੀ ਸੈਕੰਡਰੀ) ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ ਕਰਕੇ ਤਨਖਾਹ ਸਕੇਲ 4400 ਤੋਂ ਘਟਾ ਕੇ 3200 ਕਰਕੇ ਰਿਕਵਰੀ ਕਰਨ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਰਾਹੀਂ ਮਾਰੂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਡਰ, ਮਾਸਟਰ ਕਾਰਡ ਤੋਂ ਲੈਕਚਰਾਰ, ਪੀਟੀਆਈ ਤੋਂ ਡੀਪੀਈ, ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ 15 ਦਸੰਬਰ ਦੇ ਰੋਸ ਪ੍ਰਦਰਸ਼ਨ ਪ੍ਰਤੀ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਮੌਕੇ ਮੇਘਰਾਜ, ਦਲਜੀਤ ਸਫੀਪੁਰ, ਰਵਿੰਦਰ ਸਿੰਘ ਦਿੜਬਾ, ਬਲਵਿੰਦਰ ਸਤੌਜ, ਗੁਰਦੀਪ ਚੀਮਾ, ਨਵਦੀਪ ਸਿੰਘ, ਪ੍ਰਦੀਪ ਕੁਮਾਰ, ਨਵਨੀਤ ਸਿੰਘ ਕੁਲਾਰ ਖੁਰਦ, ਰੁਪਿੰਦਰ ਸਿੰਘ ਸੁਨਾਮ, ਅਮਰਿੰਦਰ ਸਿੰਘ ਤੂੰਗਾਂ, ਗੁਰਜਿੰਦਰ ਸਿੰਘ ਲਖਮੀਰ ਵਾਲਾ, ਬੇਅੰਤ ਕੌਰ ਰਾਮਗੜ੍ਹ ਜਵੰਧਾ, ਰਜਿੰਦਰ ਕੌਰ ਮੋਰਾਂਵਾਲੀ, ਅਸੀਸ਼ ਕੁਮਾਰ ਛਾਜਲੀ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।