ਸੁਨਾਮ : ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੀਮਾਂ ਦੀਆਂ ਚੋਣਾਂ ਵਿੱਚ ਵਿਰੋਧੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਤੇ ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਕਰਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੇ ਬਲਾਕ ਪੱਧਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਦਾਮਨ ਬਾਜਵਾ ਨੇ ਦੱਸਿਆ ਕਿ ਪੰਜਾਬ ਵਿੱਚ ਨਗਰ ਨਿਗਮਾਂ ਤੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਦਾਖ਼ਲ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ ਦੇ ਆਖਰੀ ਦਿਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੂਬੇ ਦੀ ਹਾਕਮ ਧਿਰ ਦੇ ਆਗੂਆਂ ਦੀ ਕਥਿਤ ਸ਼ਹਿ ਤੇ ਆਪਣੇ ਵਿਰੋਧੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਚ ਪੈਂਦੀ ਨਗਰ ਪੰਚਾਇਤ ਚੀਮਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਚਹੇਤਿਆਂ ਨੂੰ ਬਿਨਾਂ ਮੁਕਾਬਲੇ ਜਿੱਤ ਦਿਵਾਉਣ ਲਈ ਕਈ ਵਾਰਡਾਂ ਵਿੱਚ ਬਾਕੀ ਸਾਰੇ ਉਮੀਦਵਾਰਾਂ ਦੇ ਕਾਗਜ ਹੀ ਰੱਦ ਕਰਵਾ ਦਿੱਤੇ ਗਏ। ਉਨ੍ਹਾਂ ਅਜਿਹੇ ਵਰਤਾਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਿਕਾਸ ਕਾਰਜ ਕਰਵਾਏ ਹਨ ਤਾਂ ਨਿਰਪੱਖ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ ਨਤੀਜਿਆਂ ਤੋਂ ਸਪਸ਼ਟ ਹੋ ਜਾਵੇਗਾ ਕਿ ਕੀ ਸੱਚਮੁੱਚ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੀਮਾਂ ਦੀਆਂ ਚੋਣਾਂ ਵਿੱਚ ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਧੱਕੇਸ਼ਾਹੀ ਨਾਲ ਆਮ ਜਨਤਾ ਦੇ ਉਮੀਦਵਾਰ ਦੇ ਕਾਗਜ ਰੱਦ ਕਰਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਲੱਗੀ ਹੋਈ ਹੈ ਇਸ ਤੋਂ ਵੱਡਾ ਲੋਕਤੰਤਰ ਦਾ ਘਾਣ ਨਹੀਂ ਹੋ ਸਕਦਾ। ਮੈਡਮ ਬਾਜਵਾ ਨੇ ਦੱਸਿਆ ਕਿ ਚੀਮਾਂ ਨਗਰ ਪੰਚਾਇਤ ਦੇ ਵਾਰਡ ਨੰਬਰ 05 ਵਿੱਚ ਕੁੱਲ 7 ਉਮੀਦਵਾਰਾਂ ਨੇ ਕਾਗਜ ਭਰੇ ਸਨ ਆਮ ਆਦਮੀ ਪਾਰਟੀ ਵੱਲੋਂ ਧੱਕੇਸ਼ਾਹੀ ਨਾਲ ਆਪਣੇ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਦਿੱਤੇ ਉਨ੍ਹਾਂ ਕਿਹਾ ਕਿ ਉਹ ਉਕਤ ਮਾਮਲੇ ਨੂੰ ਲੈਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸੰਜੇ ਗੋਇਲ ਜ਼ਿਲ੍ਹਾ ਜਨਰਲ ਸਕੱਤਰ, ਰਾਜੀਵ ਮੱਖਣ ਮੰਡਲ ਪ੍ਰਧਾਨ, ਮਾਲਵਿੰਦਰ ਸਿੰਘ ਗੋਲਡੀ ਆਦਿ ਆਗੂ ਹਾਜ਼ਰ ਸਨ।