ਸੁਨਾਮ : ਤਨਖਾਹਾਂ ਵਿੱਚ ਕਟੌਤੀ ਸਮੇਤ ਹੋਰ ਮੰਗਾਂ ਨੂੰ ਲੈਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਬੈਨਰ ਹੇਠ ਸੈਂਕੜੇ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕ ਕੈਬਨਿਟ ਮੰਤਰੀ ਦੀ ਕੋਠੀ ਮੂਹਰੇ ਜਾਣ ਲਈ ਅੜੇ ਰਹੇ ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ। ਐਤਵਾਰ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਸੈਂਕੜੇ ਅਧਿਆਪਕ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਧਰਨਾ ਦੇਣ ਲਈ ਪੁੱਜੇ ਲੇਕਿਨ ਪੁਲਿਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ। ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਅਧਿਆਪਕਾਂ ਦੇ ਰੋਹ ਨੂੰ ਦੇਖਦਿਆਂ ਪੁਲੀਸ ਨੇ ਉਨ੍ਹਾਂ ਨੂੰ ਅਮਨ ਅਰੋੜਾ ਦੇ ਘਰ ਮੂਹਰੇ ਜਾਣ ਦੀ ਇਜਾਜ਼ਤ ਦੇ ਦਿੱਤੀ ਅਤੇ ਮਾਹੌਲ ਸ਼ਾਂਤ ਹੋ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪੀਟੀਆਈ ਅਧਿਆਪਕਾਂ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਸੋਧ ਕਰਨ ਸਬੰਧੀ ਅਸਪੱਸ਼ਟ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਇਨ੍ਹਾਂ ਅਧਿਆਪਕਾਂ ਨੂੰ 4400 ਰੁਪਏ ਨੂੰ ਗਰੇਡ ਪੇਅ ਦੀ ਬਜਾਏ 3200 ਰੁਪਏ ਗਰੇਡ ਪੇਅ ਦੇ ਕੇ ਰਿਕਵਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਅਧਿਆਪਕਾਂ ਵਿੱਚ ਸਰਕਾਰ ਖ਼ਿਲਾਫ਼ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਾਡਰਾਂ ਜਿਵੇਂ ਪ੍ਰਾਇਮਰੀ ਤੋਂ ਮਾਸਟਰ ਕਾਡਰ, ਮਾਸਟਰ ਤੋਂ ਲੈਕਚਰਾਰ, ਪੀ.ਟੀ.ਆਈ ਤੋਂ ਡੀ.ਪੀ.ਈ ਆਦਿ ਦੀਆਂ ਤਰੱਕੀਆਂ ਮੌਕੇ ਅਧਿਆਪਕ ਵਿਰੋਧੀ ਫੈਸਲੇ ਲਏ ਗਏ ਹਨ। ਅਸਾਮੀਆਂ ਨਾ ਦਿਖਾਉਣ ਕਾਰਨ ਸੈਂਕੜੇ ਅਧਿਆਪਕ ਤਰੱਕੀਆਂ ਤੋਂ ਵਾਂਝੇ ਹਨ, ਜਿਸ ਕਾਰਨ ਅਧਿਆਪਕਾਂ ਨੂੰ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਰਵਿੰਦਰ ਕੌਰ ਬਰਨਾਲਾ, ਸੰਦੀਪ ਸਿੰਘ ਪੀ.ਟੀ.ਆਈ., ਨਿਰਮਲ ਚੁਹਾਨਕੇ ਨੇ ਵੀ ਸੰਬੋਧਨ ਕੀਤਾ।