ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉੱਚ ਮਿਆਰੀ ਸਿੱਖਿਆ ਹਾਸਲ ਬੱਚਿਆਂ ਨੂੰ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ ਬਲਕਿ ਆਪਣੇ ਮੁਲਕ ਅਤੇ ਸੂਬੇ ਅੰਦਰ ਨੌਕਰੀਆਂ ਕਰਨ ਦਾ ਮੌਕਾ ਮਿਲਦਾ ਹੈ। ਸੋਮਵਾਰ ਨੂੰ ਕਲਗੀਧਰ ਪਬਲਿਕ ਸਕੂਲ ਸੁਨਾਮ ਦੀ ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਕੈਂਪਸ ਵਿਖੇ ਆਯੋਜਿਤ ਪ੍ਰਭਾਵਸ਼ਾਲੀ ਸਾਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਕਾਲੀ ਆਗੂ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਕਲਗੀਧਰ ਪਬਲਿਕ ਸਕੂਲ ਦੇ ਪ੍ਰਬੰਧਕ ਲੰਮੇ ਸਮੇਂ ਤੋਂ ਇਲਾਕੇ ਦੇ ਬੱਚਿਆਂ ਨੂੰ ਤਾਲੀਮ ਦੇ ਰਹੇ ਹਨ। ਸਕੂਲ ਵਿੱਚ ਸਿੱਖਿਆ ਹਾਸਲ ਕਰਨ ਉਪਰੰਤ ਕਈ ਵਿਦਿਆਰਥੀ ਉੱਚ ਅਹੁਦਿਆਂ ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਚੰਗੇ ਨਤੀਜਿਆਂ ਲਈ ਮੁਬਾਰਕਬਾਦ ਦਿੱਤੀ। । ਸਮਾਗਮ ਵਿੱਚ ਨਰਸਰੀ ਜਮਾਤ ਤੋਂ ਲੈਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗਿਆਨ ਸਿੰਘ ਸੰਧੇ ਅਤੇ ਜੋਗਿੰਦਰ ਸਿੰਘ ਸੇਖੋ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਚੇਅਰ ਪਰਸਨ ਜਸਵੰਤ ਕੌਰ ਹਰੀਕਾ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ । ਸਕੂਲ ਦੇ ਚੇਅਰ ਪਰਸਨ ,ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਦੁਆਰਾ ਮੁੱਖ ਮਹਿਮਾਨਾਂ ਨੂੰ ਪੌਦੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਨੰਨੇ ਮੁੰਨੇ ਬੱਚਿਆਂ ਦੁਆਰਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰਭਜੋਤ ਕੌਰ ਗਿੱਲ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਸਾਲ 2024-25 ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਕੂਲ ਦੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਡਾਂਸ, ਭੰਗੜਾ ,ਗਿੱਧਾ ,ਸਕਿਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ। ਪ੍ਰੋਗਰਾਮ ਦੇ ਅੰਤ ਵਿੱਚ ਗਿੱਧਾ ਅਤੇ ਰਾਸ਼ਟਰੀ ਗੀਤ ਦੇ ਨਾਲ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਮਾਪਿਆਂ ਤੋਂ ਇਲਾਵਾ ਚੇਅਰ ਪਰਸਨ ਜਸਵੰਤ ਕੌਰ ਹਰੀਕਾ ,ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ,ਅਧਿਆਪਕਾਂ , ਸਟਾਫ ਅਤੇ ਬੱਚਿਆਂ ਦਾ ਇਸ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ। ਉਨਾਂ ਨੇ ਮਾਪਿਆਂ ਨੂੰ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਮਾਗਮ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਯਾਦਗਰੀ ਹੋ ਨਿਬੜਿਆ।