ਪੁਲਿਸ ਥਾਣਿਆਂ ਤੇ ਸੁੱਟੇ ਜਾ ਰਹੇ ਹਨ ਗਰਨੇਡ
ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਥਿਆਉਣ ਲਈ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਕੇ ਫ਼ਰੇਬ ਦੀ ਰਾਜਨੀਤੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦਾ ਝੂਠ ਅਤੇ ਫ਼ਰੇਬ ਸਾਹਮਣੇ ਆਉਣ ਲੱਗ ਗਿਆ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਮੰਡੇਰ ਖ਼ੁਰਦ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲਿਆ ਜਾ ਰਿਹਾ ਹੈ, ਪੰਜਾਹ ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ ਜਦਕਿ ਇਹ ਨੌਕਰੀਆਂ ਮਗਰਲੀਆਂ ਸਰਕਾਰਾਂ ਸਮੇਂ ਦਿੱਤੀਆਂ ਗਈਆਂ। ਜ਼ਿਆਦਾਤਰ ਨੌਕਰੀਆਂ ਦੇ ਨਿਪਟਾਰੇ ਮਾਨਯੋਗ ਅਦਾਲਤ ਵਿੱਚ ਲਟਕੇ ਹੋਏ ਸਨ ਇਸ ਸਰਕਾਰ ਨੇ ਉਨ੍ਹਾਂ ਨੂੰ ਸਿਰਫ ਨਿਯੁਕਤੀ ਪੱਤਰ ਸੌਂਪੇ ਹਨ। ਸਾਬਕਾ ਚੇਅਰਮੈਨ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੋ ਚੁੱਕੀ ਹੈ। ਲੋਕਾਂ ਦੀ ਸੁਰੱਖਿਆ ਲਈ ਸਥਾਪਿਤ ਪੁਲਿਸ ਥਾਣਿਆਂ ਤੇ ਗਰਨੇਡਾਂ ਨਾਲ ਹਮਲੇ ਹੋ ਰਹੇ ਹਨ, ਭਗਵੰਤ ਮਾਨ ਸਰਕਾਰ ਫਿਰ ਵੀ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਰਤਾ ਭਰ ਵੀ ਚਿੰਤਤ ਨਹੀਂ ਹੈ। ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ। ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ, ਅਰਸ਼ਦੀਪ ਸਿੰਘ, ਹਰਬੰਸ ਸਿੰਘ,ਗੁਰਤੇਗ ਸਿੰਘ ਮਾਨ, ਜਸਵੀਰ ਸਿੰਘ ਮਾਨ, ਮੰਗੂ ਸਿੰਘ, ਸ਼ਿੰਗਾਰਾ ਸਿੰਘ ਢਿੱਲੋਂ, ਮਨਪ੍ਰੀਤ ਸਿੰਘ, ਗੁਰਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।