ਐੱਸ.ਏ.ਐੱਸ. ਨਗਰ : ਕਰੀਬ 32 ਸਾਲ ਪੁਰਾਣੇ ਅਗਵਾ ਕਰਨ ਗੈਰ- ਕਾਨੂੰਨੀ ਹਿਰਾਸਤ ਅਤੇ ਗੁੰਮਸ਼ੁਦਗੀ ਦੇ ਮਾਮਲੇ ਵਿੱਚ ਸੀ.ਬੀ.ਆਈ ਅਦਾਲਤ ਦੇ ਵਿਸ਼ੇਸ਼ ਜੱਜ ਮਨਜੋਤ ਕੌਰ ਦੀ ਅਦਾਲਤ ਵਲੋਂ ਉਸ ਸਮੇਂ ਦੇ ਥਾਣਾ ਸਰਹਾਲੀ ਜਿਲਾ ਤਰਨਤਾਰਨ ਦੇ ਐਸ.ਐਚ.ਓ ਰਹੇ ਸੁਰਿੰਦਰਪਾਲ ਸਿੰਘ ਨੂੰ ਧਾਰਾ 120 ਬੀ ਵਿੱਚ 10 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨਾ, ਧਾਰਾ 364 ਵਿੱਚ 10 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨਾ, ਧਾਰਾ 365 ਵਿੱਚ 7 ਸਾਲ ਦੀ ਕੈਦ ਅਤੇ 70 ਹਜ਼ਾਰ ਰੁਪਏ ਜੁਰਮਾਨਾ, ਧਾਰਾ 342 ਵਿੱਚ 3 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਅਦਾਲਤ ਵਲੋਂ ਆਪਣੇ ਹੁਕਮਾਂ ਇਹ ਵੀ ਕਿਹਾ ਗਿਆ ਹੈ ਜੇਕਰ ਦੋਸ਼ੀ ਸੁਰਿੰਦਰਪਾਲ ਸਿੰਘ ਨੇ ਜੁਰਮਾਨਾ ਅਦਾ ਨਾ ਕੀਤਾ ਤਾਂ ਉਸ ਨੂੰ 2 ਸਾਲ ਕੈਦ ਹੋਰ ਕੱਟਣੀ ਪਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ 31.10.1992 ਦੀ ਸ਼ਾਮ ਨੂੰ ਸੁਖਦੇਵ ਸਿੰਘ ਵਾਈਸ ਪ੍ਰਿੰਸੀਪਲ ਅਤੇ ਉਸ ਦੇ 80 ਸਾਲਾ ਸਹੁਰੇ ਸੁਲੱਖਣ ਸਿੰਘ (ਸੁਤੰਤਰਤਾ ਸੈਨਾਨੀ) ਵਾਸੀ ਭਕਨਾ ਨੂੰ ਏ.ਐਸ.ਆਈ ਅਵਤਾਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਹਿਰਾਸਤ ਵਿੱਚ ਲਿਆ ਸੀ। ਅਵਤਾਰ ਸਿੰਘ ਨੇ ਪਰਿਵਾਰ ਵਾਲਿਆਂ ਨੂੰ ਇਤਲਾਹ ਦਿੱਤੀ ਸੀ ਕਿ ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਨੂੰ ਐਸ.ਐਚ.ਓ ਸੁਰਿੰਦਰਪਾਲ ਸਿੰਘ ਨੇ ਪੁੱਛਗਿੱਛ ਲਈ ਬੁਲਾਇਆ ਹੈ। ਫਿਰ ਦੋਵਾਂ ਨੂੰ ਤਿੰਨ ਦਿਨ ਤੱਕ ਪੁਲੀਸ ਥਾਣਾ ਸਰਹਾਲੀ, ਤਰਨਤਾਰਨ ਵਿਚ ਨਾਜਾਇਜ਼ ਤੌਰ ਤੇ ਰੱਖਿਆ ਗਿਆ ਜਿੱਥੇ ਪਰਿਵਾਰ ਅਤੇ ਅਧਿਆਪਕ ਯੂਨੀਅਨ ਦੇ ਮੈਂਬਰ ਉਨ੍ਹਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਖਾਣਾ, ਕੱਪੜਾ ਆਦਿ ਮੁਹੱਈਆ ਕਰਵਾਇਆ ਪਰ ਉਸ ਤੋਂ ਬਾਅਦ ਉਨ੍ਹਾਂ ਦਾ ਕੋਈ ਅਤਾ ਪਤਾ ਨਹੀਂ ਲੱਗਾ।
ਸੁਖਦੇਵ ਸਿੰਘ ਦੀ ਪਤਨੀ ਸੁਖਵੰਤ ਕੌਰ ਨੇ ਇਸ ਸੰਬੰਧੀ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਕਿ ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਨੂੰ ਅਪਰਾਧਿਕ ਮਾਮਲਿਆਂ ਵਿਚ ਫਸਾਇਆ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ। ਉਸ ਸਮੇਂ ਸੁਖਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੋਪੋਕੇ ਜਿਲਾ ਅੰਮ੍ਰਿਤਸਰ ਦੇ ਲੈਕਚਰਾਰ/ਵਾਈਸ-ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਤੇ ਉਨ੍ਹਾਂ ਦੇ ਸਹੁਰਾ ਸੁਲੱਖਣ ਸਿੰਘ ਆਜ਼ਾਦੀ ਘੁਲਾਟੀਏ ਸਨ ਜੋ ਆਜ਼ਾਦੀ ਦੀ ਲਹਿਰ ਦੌਰਾਨ ਬਾਬਾ ਸੋਹਣ ਸਿੰਘ ਭਕਨਾ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਸਨ। ਸਾਲ 2003 ਵਿਚ ਕੁਝ ਪੁਲਿਸ ਮੁਲਾਜ਼ਮਾਂ ਨੇ ਸੁਖਵੰਤ ਕੌਰ ਨਾਲ ਸੰਪਰਕ ਕਰਕੇ ਉਸ ਦੇ ਖਾਲੀ ਕਾਗਜ਼ਾਂ ਤੇ ਦਸਤਖਤ ਕਰਵਾ ਲਏ ਅਤੇ ਕੁਝ ਦਿਨਾਂ ਬਾਅਦ ਉਸ ਨੂੰ ਸੁਖਦੇਵ ਸਿੰਘ ਦੇ ਮੌਤ ਦਾ ਸਰਟੀਫਿਕੇਟ ਸੌਂਪਿਆ, ਜਿਸ ਵਿਚ 8.7.1993 ਨੂੰ ਉਸ ਦੀ ਮੌਤ ਹੋਣ ਦਾ ਜ਼ਿਕਰ ਕੀਤਾ ਗਿਆ ਸੀ । ਪਰਿਵਾਰ ਨੂੰ ਸੂਚਿਤ ਕੀਤਾ ਗਿਆ ਕਿ ਤਸ਼ੱਦਦ ਦੌਰਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਸੁਲੱਖਣ ਸਿੰਘ ਸਮੇਤ ਹਰੀਕੇ ਨਹਿਰ ਵਿਚ ਸੁੱਟ ਦਿੱਤੀ ਗਈ। ਸੁਖਵੰਤ ਕੌਰ ਵਲੋਂ ਆਪਣੇ ਪਤੀ ਅਤੇ ਪਿਤਾ ਨੂੰ ਚੁੱਕਣ, ਗੈਰ-ਕਾਨੂੰਨੀ ਤੌਰ ਤੇ ਹਿਰਾਸਤ ਵਿਚ ਰੱਖਣ ਅਤੇ ਫਿਰ ਲਾਪਤਾ ਹੋਣ ਦੇ ਸਬੰਧ ਵਿੱਚ ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ। ਇਸਤੋਂ ਪਹਿਲਾਂ ਨਵੰਬਰ 1995 ਵਿਚ ਇਕ ਹੋਰ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੀ.ਬੀ.ਆਈ ਨੂੰ ਵੱਡੇ ਪੱਧਰ ਤੇ ਮ੍ਰਿਤਕਾਂ ਦੇ ਸਸਕਾਰ ਦੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇਸਨ। ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਵਲੋਂ ਪੰਜਾਬ ਪੁਲਿਸ ਵਲੋਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਸਕਾਰ ਕਰਨ ਦਾ ਖੁਲਾਸਾ ਕੀਤਾ। ਇਸ ਤੋਂ ਬਾਅਦ ਮੁੱਢਲੀ ਪੁੱਛਗਿੱਛ ਦੌਰਾਨ ਸੀ.ਬੀ.ਆਈ ਨੇ 20.11.1996 ਨੂੰ ਸੁਖਵੰਤ ਕੌਰ ਦੇ ਬਿਆਨ ਦਰਜ ਕੀਤੇ ਅਤੇ ਉਸਦੇ विभाठां से भाया डे 6.03.1997 ਨੂੰ ਏ.ਐਸ.ਆਈ ਅਵਤਾਰ ਸਿੰਘ, ਐਸ. ਆਈ. ਸੁਰਿੰਦਰਪਾਲ ਸਿੰਘ ਤਤਕਾਲੀ ਐਸ. ਐਚ. ਓ ਸਰਹਾਲੀ ਅਤੇ ਹੋਰਨਾਂ ਖਿਲਾਫ ਧਾਰਾ 364/34 ਦੇ ਤਹਿਤ ਮਾਮਲਾ ਦਰਜ ਕੀਤਾ ਅਤੇ ਸਾਲ 2000 ਵਿਚ ਸੀ. ਬੀ. ਆਈ ਨੇ ਕਲੋਜ਼ਰ ਰਿਪੋਰਟ ਦਾਇਰ ਕੀਤੀ, ਜਿਸ ਨੂੰ ਸੀ. ਬੀ. ਆਈ ਕੋਰਟ ਪਟਿਆਲਾ ਨੇ ਸਾਲ 2002 ਵਿਚ ਰੱਦ ਕਰ ਦਿਤਾ ਅਤੇ ਅਗਲੇਰੀ ਜਾਂਚ ਦੇ ਹੁਕਮ ਦਿੱਤੇ।
ਆਖਰਕਾਰ ਸਾਲ 2009 ਵਿਚ ਸੀ.ਬੀ.ਆਈ ਨੇ ਸੁਰਿੰਦਰਪਾਲ ਅਤੇ ਅਵਤਾਰ ਸਿੰਘ ਖਿਲਾਫ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ।ਸਾਲ 2016 ਵਿਚ ਸੀ.ਬੀ.ਆਈ ਅਦਾਲਤ, ਪਟਿਆਲਾ ਵਲੋਂ ਧਾਰਾ 120ਬੀ, 342,364 ਅਤੇ 365 ਦੇ ਤਹਿਤ ਦੋਸ਼ ਤੈਅ ਕਰ ਦਿੱਤੇ। ਜਿਕਰਯੋਗ ਹੈ ਕਿ ਇਸ ਕੇਸ ਦਾ ਦੋਸ਼ੀ ਸੁਰਿੰਦਰਪਾਲ ਸਿੰਘ ਜੋ ਕਿ ਤਤਕਾਲੀ ਐਸ.ਐਚ.ਓ ਸੀ, ਜਸਵੰਤ ਸਿੰਘ ਖਾਲੜਾ ਕਤਲ ਕੇਸ ਵਿਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਸ ਨੂੰ ਤਰਨਤਾਰਨ ਦੇ ਪਿੰਡ ਜੀਓ ਬਾਲਾ ਦੇ 4 ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਇਕ ਹੋਰ ਕੇਸ ਵਿਚ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।