ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ 126ਵਾਂ ਜਨਮ ਦਿਹਾੜਾ ਉਨ੍ਹਾਂ ਦੇ ਜੱਦੀ ਘਰ ਮੁਹੱਲਾ ਪੀਲਵਾਦ ਵਿਖੇ ਵੱਖ ਵੱਖ ਸੰਸਥਾਵਾਂ ਵੱਲੋਂ ਮਨਾਇਆ ਗਿਆ ਲੇਕਿਨ ਸੁਨਾਮ ਦੇ ਜੰਮਪਲ ਸ਼ਹੀਦ ਦਾ ਜਨਮ ਦਿਹਾੜਾ ਸਰਕਾਰੀ ਸਮਾਗਮਾਂ ਤੋਂ ਵਾਂਝਾ ਰਿਹਾ ਸ਼ਹੀਦ ਦੀ ਨਗਰੀ ਦੇ ਲੋਕਾਂ ਨੇ ਸਰਕਾਰ ਦੇ ਇਸ ਰਵਈਏ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਜੱਦੀ ਘਰ ਵਿੱਚ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਵਾਏ ਗਏ। ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰੀ ਕਮੇਟੀ ਮੇਨ ਵੱਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਘਰ ਵਿਖੇ ਮਨਾਇਆ ਗਿਆ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਕੇਹਰ ਸਿੰਘ, ਕਰਮ ਸਿੰਘ, ਗੁਰਬਚਨ ਸਿੰਘ ਅਤੇ ਗੁਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਸ ਮਹਾਨ ਕ੍ਰਾਂਤੀਕਾਰੀ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਨੇ ਸ਼ਹੀਦ ਦੇ ਜਨਮ ਦਿਨ 'ਤੇ ਕੋਈ ਇਸ਼ਤਿਹਾਰ ਵੀ ਨਹੀਂ ਦਿੱਤਾ। ਜਦੋਂਕਿ ਹਰਿਆਣਾ ਸਰਕਾਰ ਨੇ ਢੁੱਕਵੇਂ ਇਸ਼ਤਿਹਾਰ ਜਾਰੀ ਕੀਤੇ ਹਨ। ਉਕਤ ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਸ਼ਹਿਰ ਵਿੱਚ ਵੱਡੇ ਹੋਏ ਹਨ ਅਤੇ ਇੱਥੇ ਹੀ ਸਿੱਖਿਆ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਵੀ ਇਸੇ ਸ਼ਹਿਰ ਦਾ ਹੈ। ਇਸ ਦੇ ਬਾਵਜੂਦ ਸ਼ਹੀਦ ਦੇ ਜਨਮ ਦਿਨ ਨੂੰ ਵਿਸਾਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।