ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਧਾਰੀ ਚੁੱਪ ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ 30 ਦਸੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਬਲਾਕ ਟੀਮ ਵੱਲੋਂ ਸੁਨਾਮ ਬਲਾਕ ਦੇ ਪਿੰਡਾਂ ਬਿਗੜਵਾਲ, ਨੀਲੋਵਾਲ, ਨਮੋਲ, ਮੈਦੇਵਾਸ, ਛਾਜਲੀ ਅਤੇ ਸੁਨਾਮ ਸ਼ਹਿਰ ਅੰਦਰ ਪ੍ਰਚਾਰ ਕਰਕੇ ਲਾਮਬੰਦੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਸਤਗੁਰ ਸਿੰਘ ਨਮੋਲ ਅਤੇ ਬੂਟਾ ਸਿੰਘ ਝਾੜੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਉੱਪਰ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਲੇਕਿਨ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਦੋਵਾਂ ਫੋਰਮਾ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਰਡਰਾਂ ਉੱਪਰ ਚੱਲ ਰਿਹਾ ਮੋਰਚਾ ਸਮੁੱਚੀ ਲੋਕਾਈ ਦਾ ਮੋਰਚਾ ਬਣ ਚੁੱਕਿਆ ਹੈ। ਬਾਰਡਰਾਂ ਤੇ ਆਪ ਮੁਹਾਰੇ ਹੋ ਰਹੇ ਵੱਡੇ ਇਕੱਠ ਇਸ ਗੱਲ ਦੀ ਗਵਾਹੀ ਭਰਦੇ ਹਨ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਹੈ। ਸਰੀਰਕ ਪੱਖੋਂ ਡੱਲੇਵਾਲ ਭਾਵੇਂ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕੇ ਹਨ ਪਰ ਕਿਸਾਨਾਂ ਦੇ ਆਗੂ ਦਾ ਹੌਂਸਲਾ ਪੂਰੀ ਦ੍ਰਿੜਤਾ ਵਿੱਚ ਹੈ। ਦੋਵਾਂ ਮੋਰਚਿਆਂ ਵੱਲੋਂ ਲਗਾਤਾਰ ਸੰਘਰਸ਼ ਨੂੰ ਤੇਜ ਕਰਨ ਲਈ ਸਮੁੱਚੀਆਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਪ੍ਰੋਗਰਾਮ ਦਿੱਤੇ ਜਾ ਰਹੇ ਹਨ।