ਨਵੀਂ ਦਿੱਲੀ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ।
ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁਸ਼ਕਲ ਹਾਲਾਤ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਪਾਇਆ ਸੀ। ਉਨ੍ਹਾਂ ਨੇ ਦੇਸ਼ ਵਿਚ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ, ਜਿਸ ਸਦਕੇ ਦੇਸ਼ ਦੀ ਅਰਥਵਿਵਸਥਾ ਪ੍ਰਗਤੀ ਦੇ ਰਾਹ ਪਈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ॥ ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਤਾ ਸਾਡੇ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।
ਸ. ਬੈਂਸ ਨੇ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਮਿੱਤਰਾਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।