ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਵਿਅਕਤੀਆਂ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਦਿੰਦੇ ਸਨ ਅੰਜ਼ਾਮ: ਡੀਜੀਪੀ ਗੌਰਵ ਯਾਦਵ
ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਯਤਨ ਜਾਰੀ: ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ
ਅੰਮ੍ਰਿਤਸਰ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਕੀਤੇ ਹੈਂਡ-ਗ੍ਰਨੇਡ ਹਮਲਾ ਦਾ ਜ਼ੁਰਮ ਕਬੂਲਿਆ ਹੈ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਡੰਡੇ, ਘਰਿੰਡਾ, ਅੰਮ੍ਰਿਤਸਰ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ - ਇੱਕ 9 ਐਮਐਮ ਜ਼ਿਗਾਨਾ ਅਤੇ ਇੱਕ 9 ਐਮਐਮ ਗਲੌਕ - ਸਮੇਤ ਗੋਲਾ ਸਿੱਕਾ ਵੀ ਬਰਾਮਦ ਕੀਤਾ ਹੈ।
ਇਹ ਸਫ਼ਲਤਾ 17 ਦਸੰਬਰ, 2024 ਨੂੰ ਸਵੇਰੇ 3 ਵਜੇ ਦੇ ਕਰੀਬ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਤਕਰੀਬਨ 10 ਦਿਨਾਂ ਬਾਅਦ ਹਾਸਲ ਹੋਈ ਹੈ। ਇਸ ਹਮਲੇ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਵਿਦੇਸ਼ ਅਧਾਰਿਤ ਜੀਵਨ ਫੌਜੀ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰੀਕਾ-ਅਧਾਰਤ ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਸੀਪੂ ਇੱਕ ਤਸਕਰੀ ਨੈੱਟਵਰਕ ਚਲਾ ਰਿਹਾ ਹੈ ਅਤੇ ਆਪਣੇ ਸਾਥੀਆਂ ਰਾਹੀਂ ਭਾਰਤ ਵਿੱਚ ਸਪਲਾਈ ਕਰਨ ਲਈ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀਆਂ ਟੀਮਾਂ ਨੇ ਉਸ ਦੇ ਇੱਕ ਸਾਥੀ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਗੁਰਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦੀ ਨਿਰੰਤਰ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਗੁਰਜੀਤ ਸਿੰਘ ਨੇ ਆਪਣੇ ਸਾਥੀ ਬਲਜੀਤ ਸਿੰਘ ਨਾਲ ਮਿਲ ਕੇ ਵਿਦੇਸ਼ੀ ਵਿਅਕਤੀ, ਜਿਸ ਦੀ ਸੰਦੀਪ ਸੀਪੂ ਨੇ ਉਸ ਨਾਲ ਜਾਣ-ਪਛਾਣ ਕਰਵਾਈ ਸੀ, ਦੇ ਨਿਰਦੇਸ਼ਾਂ 'ਤੇ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰਨੇਡ ਹਮਲਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਸਟੇਸ਼ਨ 'ਤੇ ਹਮਲੇ ਪਿੱਛੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਅਤੇ ਸੀਪੂ ਵੱਲੋਂ ਮਿਲਾਏ ਗਏ ਵਿਦੇਸ਼ੀ ਵਿਅਕਤੀ ਦੀ ਪਛਾਣ ਲਈ ਹੋਰ ਜਾਂਚ ਜਾਰੀ ਹੈ।
ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਬਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਜਾਂਚ ਦੌਰਾਨ ਦੋਵਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਤੇ ਮੁਲਜ਼ਮਾਂ ਵੱਲੋਂ ਪਹਿਲਾਂ ਸਪਲਾਈ ਕੀਤੀਆਂ ਗਈਆਂ ਖੇਪਾਂ ਦਾ ਪਤਾ ਲਗਾਉਣ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 74 ਮਿਤੀ 26.12.2024 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 23-ਸੀ ਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।