ਸੁਨਾਮ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਯੂਥ ਕਾਂਗਰਸ ਕਮੇਟੀ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਨੌਜਵਾਨ ਕਾਂਗਰਸੀ ਆਗੂ ਦਿੱਲੀ ਵਿਖੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਪੁੱਜੇ। ਯੂਥ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪੰਜਾਬ ਤੋਂ ਨੌਜਵਾਨ ਕਾਂਗਰਸੀਆਂ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੀਆਂ ਉਸਾਰੂ ਨੀਤੀਆਂ ਕਾਰਨ ਦੇਸ਼ ਆਰਥਿਕ ਤੌਰ ਤੇ ਮਜ਼ਬੂਤ ਹੋਇਆ ਅਤੇ ਤਰੱਕੀ ਦੀਆਂ ਮੰਜ਼ਿਲਾਂ ਸਰ ਕੀਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦਸ ਸਾਲ ਦੇ ਰਾਜ ਦੌਰਾਨ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਿਸ ਦਾ ਲਾਭ ਹਰ ਇੱਕ ਨੂੰ ਮਿਲਿਆ। ਕੁਰੱਪਸ਼ਨ ਮੁਕਤ ਭਾਰਤ ਅਭਿਆਨ ਤਹਿਤ ਆਰ ਟੀ ਆਈ ਅਤੇ ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ ਮਨਰੇਗਾ ਸਕੀਮ ਲਾਗੂ ਕੀਤੀ ਜਿਸ ਨਾਲ ਦੇਸ਼ ਦੇ ਕਾਮਿਆਂ ਨੂੰ ਵਧੇਰੇ ਫਾਇਦਾ ਮਿਲਿਆ। ਸੂਚਨਾ ਅਧਿਕਾਰ ਕਾਨੂੰਨ ਤਹਿਤ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।