ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਪਿਛਲੇ 35 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਕੁਨਾਂ ਨੇ ਛਾਜਲੀ, ਕੁਲਾਰ ਖ਼ੁਰਦ ਅਤੇ ਲੌਂਗੋਵਾਲ ਵਿਖੇ ਧਰਨਾ ਦੇਕੇ ਸੜਕੀ ਆਵਾਜਾਈ ਠੱਪ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਜਾਨ ਦੀ ਪ੍ਰਵਾਹ ਨਹੀਂ ਕੀਤੀ ਜਾ ਰਹੀ। ਜਥੇਬੰਦੀ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਕੁਲਵਿੰਦਰ ਸਿੰਘ ਸੋਨੀ ਅਤੇ ਹੈਪੀ ਨਮੋਲ ਨੇ ਕਿਹਾ ਕਿ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਿਛਲੇ ਦਸ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਸੰਘਰਸ਼ ਲੜਿਆ ਜਾ ਰਿਹਾ ਹੈ ਬਾਵਜੂਦ ਇਸਦੇ ਕੇਂਦਰ ਸਰਕਾਰ ਮੂਕ ਦਰਸ਼ਕ ਬਣਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 35 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ ਜਿਸ ਕਾਰਨ ਉਨ੍ਹਾਂ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਮੁਲਕ ਦੀ ਸਿਖਰਲੀ ਅਦਾਲਤ ਵੀ ਚਿੰਤਾ ਜ਼ਾਹਰ ਕਰ ਰਹੀ ਹੈ ਲੇਕਿਨ ਕੇਂਦਰ ਸਰਕਾਰ ਦਾ ਕੋਈ ਨੁਮਾਇੰਦਾ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਜਿਝਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੁਲਿਸ ਰਾਹੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਸਿੱਟੇ ਭਿਆਨਕ ਨਿਕਲਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਖੇਤੀ ਨੀਤੀ ਦਾ ਖਰੜਾ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ ਇਸ ਨੂੰ ਲਾਗੂ ਨਹੀਂ ਕਰਨ ਦਿੱਤਾ ਜਾਵੇਗਾ।