ਸੁਨਾਮ : ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈਕੇ 35 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੋਮਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸੁਨਾਮ ਵਿਖੇ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਹਰਵਾਰ ਦੀਆਂ ਮਾਰਕੀਟਾਂ ਵਿੱਚ ਦੁਕਾਨਾਂ ਬੰਦ ਰਹੀਆਂ ਜਦਕਿ ਸ਼ਹਿਰ ਦੇ ਕੁੱਝ ਕੁ ਅੰਦਰਲੇ ਬਾਜ਼ਾਰਾਂ ਵਿੱਚ ਇੱਕਾ ਦੁੱਕਾ ਦੁਕਾਨਾਂ ਖੁੱਲੀਆਂ ਰਹੀਆਂ, ਉਂਜ ਢਾਬੇ ਤੇ ਹਲਵਾਈ ਦੀਆਂ ਦੁਕਾਨਾਂ ਮੁਕੰਮਲ ਬੰਦ ਹਨ। ਬੱਸ ਸਰਵਿਸ ਵੀ ਪੂਰੀ ਤਰ੍ਹਾਂ ਠੱਪ ਰਹੀ। ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਸੜਕਾਂ ਤੇ ਆਮ ਵਾਂਗ ਨਹੀਂ ਦਿਖਾਈ ਦਿੱਤੀਆਂ। ਪੰਜਾਬ ਬੰਦ ਦੇ ਸੱਦੇ ਕਾਰਨ ਕੁੱਝ ਇੱਕ ਦੁਕਾਨਦਾਰ ਕਿਸਾਨ ਜਥੇਬੰਦੀਆਂ ਦੀ ਨੁਕਤਾਚੀਨੀ ਕਰਦੇ ਨਜ਼ਰ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਹੜਤਾਲਾਂ ਅਤੇ ਧਰਨਿਆਂ ਕਾਰਨ ਪੰਜਾਬ ਅੰਦਰ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸੇ ਕਾਰਨ ਵੱਡੇ ਸਨਅਤੀ ਘਰਾਣੇ ਆਪਣੇ ਯੂਨਿਟ ਹੋਰਨਾਂ ਸੂਬਿਆਂ ਵਿੱਚ ਤਬਦੀਲ ਕਰ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਕੁਲਵਿੰਦਰ ਸਿੰਘ ਸੋਨੀ ਅਤੇ ਹੈਪੀ ਨਮੋਲ ਨੇ ਦੁਕਾਨਦਾਰਾਂ ਵੱਲੋਂ ਪੰਜਾਬ ਬੰਦ ਵਿੱਚ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ ਹੈ।