ਖਨੌਰੀ : ਅੱਜ 34ਵੇਂ ਦਿਨ ਖਨੌਰੀ ਕਿਸਾਨ ਮੋਰਚੇ 'ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਿਹਾ। ਡਾਕਟਰਾਂ ਨੇ ਮੈਡਿਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ, ਜਿਸ ਕਰਕੇ ਉਨ੍ਹਾਂ ਨੂੰ ਗੱਲ ਕਰਨ ਵਿੱਚ ਵੀ ਦਿੱਕਤ ਹੋ ਰਹੀ ਹੈ। ਇਨਾ ਗੱਲਾਂ ਦਾ ਪ੍ਰਗਟਾਵਾ ਪ੍ਰੈਸ ਕਾਨਫਰੰਸ ਦੇ ਦੌਰਾਨ ਸੁਖਜੀਤ ਸਿੰਘ ਹਰਦੋਝੰਡੇ, ਸੁਖਜਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਔਲਖ,ਜਸਵਿੰਦਰ ਸਿੰਘ ਲੌਂਗੋਵਾਲ,ਕਾਕਾ ਸਿੰਘ ਕੋਟੜਾ,ਸੁਰਜੀਤ ਸਿੰਘ ਫੂਲ ਨੇ ਕੀਤਾ ਕਿਸਾਨ ਆਗੂਆਂ ਨੇ ਕਿਹਾ ਕਿ ਸਾਡਾ ਅੱਦੋਲਨ ਅਹਿੰਸਾ ਦੇ ਸਿਧਾਂਤਾਂ 'ਤੇ ਚੱਲ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਦਾ ਹਮੇਸ਼ਾ ਇਹ ਮੰਨਣਾ ਰਹਿਆ ਹੈ ਕਿ ਮੈਂ ਸੰਗਠਨ ਦਾ ਮੁਖੀ ਹਾਂ ਅਤੇ ਉਮਰ ਵਿੱਚ ਵੱਡਾ ਹਾਂ, ਇਸ ਲਈ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਨੌਜਵਾਨ ਨੂੰ ਕੋਈ ਨੁਕਸਾਨ ਨਾ ਹੋਵੇ। ਜੇਕਰ ਕੋਈ ਨੁਕਸਾਨ ਹੋਵੇ ਤਾਂ ਉਹ ਮੇਰਾ ਹੋਵੇ।
ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 34 ਦਿਨਾਂ ਵਿੱਚ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਇਸ ਦੇ ਬਾਵਜੂਦ ਕਿਸੇ ਨੇ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਸਾਡੇ ਨਾਲ ਗੱਲਬਾਤ ਕਰਨ ਦੀ ਕੋਈ ਕੋਸ਼ਿਸ਼ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਦੇ ਮੁੱਦਿਆਂ 'ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਅਤੇ ਸੁਪਰੀਮ ਕੋਰਟ ਦੀ ਕਮੇਟੀ ਦੀ ਅੰਤਰਿਮ ਰਿਪੋਰਟ ਵਿੱਚ MSP ਗਾਰੰਟੀ ਕਾਨੂੰਨ ਬਣਾਉਣ ਦੇ ਹੱਕ ਵਿੱਚ ਸਿਫਾਰਸ਼ ਕੀਤੀ ਗਈ, ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਵੀ ਮੰਨਣ ਲਈ ਤਿਆਰ ਨਹੀਂ ਹੈ। ਇੱਥੇ ਤੱਕ ਕਿ ਸਤਿਕਾਰਯੋਗ ਸੁਪਰੀਮ ਕੋਰਟ ਵੀ ਕੇਂਦਰ ਸਰਕਾਰ ਨੂੰ ਇਸ ਮੁੱਦੇ ਵਿੱਚ ਕੋਈ ਹੁਕਮ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਲਈ ਅਸੀਂ ਸਭ ਆਪਣੀ ਜਾਨ ਦੇਣ ਲਈ ਤਿਆਰ ਹਾਂ ਅਤੇ ਸਰਕਾਰ ਦੀ ਕਾਰਵਾਈ ਦੌਰਾਨ ਮੋਰਚੇ 'ਤੇ ਹੋਣ ਵਾਲੇ ਜਾਨਮਾਲ ਦੇ ਨੁਕਸਾਨ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਅਤੇ ਉਹਨਾਂ ਸਵੈੰਵਿਧਾਨਕ ਸਥਾਵਾਂ ਦੀ ਹੋਵੇਗੀ ਜੋ ਇਸ ਤਰ੍ਹਾਂ ਦੇ ਹੁਕਮ ਜਾਰੀ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਕਿਸਾਨ ਆਗੂਆਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਨੌਰੀ ਕਿਸਾਨ ਮੋਰਚੇ 'ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਨ।