ਸੁਨਾਮ : ਗੁਰਦੁਆਰਾ ਇਮਲੀ ਸਾਹਿਬ ਸੁਨਾਮ ਵਿਖੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਭਾਤ ਫੇਰੀਆਂ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਸ਼ਮੂਲੀਅਤ ਕਰਕੇ ਸ਼ਬਦ ਕੀਰਤਨ ਰਾਹੀਂ ਗੁਰੂਆਂ ਦੀ ਬਾਣੀ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗੁਰਪ੍ਰੀਤ ਸਿੰਘ ਸ਼ਾਹਪੁਰ, ਪ੍ਰਧਾਨ ਸਰਬਜੀਤ ਸਿੰਘ ਕੋਹਲੀ, ਜਨਰਲ ਸਕੱਤਰ ਗੁਰਮੇਜ ਸਿੰਘ ਕਾਨੂੰਗੋ, ਖਜਾਨਚੀ ਨੱਥਾ ਸਿੰਘ ਮੈਨੇਜਰ , ਗੁਰਜੰਟ ਸਿੰਘ ਜੇਈ, ਸੇਵਾਦਾਰ ਸੰਦੀਪ ਸਿੰਘ ਖੰਡੇਬਾਦ, ਇੰਸਪੈਕਟਰ ਸਵਰਨ ਸਿੰਘ, ਹਰਦੀਪ ਸਿੰਘ ਗੰਢੂਆਂ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਰ ਜਨਵਰੀ ਨੂੰ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਛੇ ਜਨਵਰੀ ਨੂੰ ਭੋਗ ਪਾਏ ਜਾਣਗੇ ਉਪਰੰਤ ਗੁਰਦੁਆਰਾ ਸਾਹਿਬ ਜਨਮ ਅਸਥਾਨ ਸੰਤ ਅਤਰ ਸਿੰਘ ਜੀ ਮਹਾਰਾਜ ਚੀਮਾਂ ਸਾਹਿਬ ਦੇ ਜਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿੰਨੋਂ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।