ਅਮਲੋਹ : ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਨੂਰਪੁਰਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਵੀ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਅਮਲੋਹ, ਸ਼੍ਰੀ ਮੋਹਿਤ ਕਲਿਆਣ ਨੇ ਦੱਸਿਆ ਕਿ ਪਿੰਡ ਨੂਰਪੁਰਾ ਦੇ ਇਕ ਹਿੱਸੇ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਦਰਪੇਸ਼ ਦਿੱਕਤਾਂ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਤੇ ਇਸ ਸਬੰਧੀ ਫੌਰੀ ਕਾਰਵਾਈ ਆਰੰਭ ਕਰਦਿਆਂ ਉਹਨਾਂ ਨੇ ਜੇ.ਈ. ਤੇ ਪੰਚਾਇਤ ਸਕੱਤਰ ਨੂੰ ਇਸ ਬਾਬਤ ਰਿਪੋਰਟ ਦੇਣ ਲਈ ਕਿਹਾ ਹੈ। ਰਿਪੋਰਟ ਮਿਲਦੇ ਸਾਰ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ਼੍ਰੀ ਕਲਿਆਣ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੇ ਹਨ। ਜਦੋਂ ਵੀ ਕਿਤੇ ਲੋਕਾਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਨਿਯਮਾਂ ਅਨੁਸਾਰ ਉਸਦਾ ਹੱਲ ਕਰਵਾਉਣਗੇ।