ਸੁਨਾਮ : ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਸੁਨਾਮ ਰੇਲਵੇ ਸਟੇਸ਼ਨ 'ਤੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ-ਸ਼੍ਰੀ ਗੰਗਾ ਨਗਰ ਐਕਸਪ੍ਰੈਸ ਰੇਲਗੱਡੀ ਨੂੰ ਰਸਮੀ ਤੌਰ 'ਤੇ ਠਹਿਰਾਓ ਹੋ ਗਿਆ ਹੈ। ਉਕਤ ਟਰੇਨ ਦੇ ਠਹਿਰਾਓ ਲਈ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕੇਂਦਰੀ ਰੇਲ ਮੰਤਰੀ ਅੱਗੇ ਮੰਗ ਰੱਖੀ ਸੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ਹੀਦ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ-ਸ਼੍ਰੀ ਗੰਗਾ ਨਗਰ ਐਕਸਪ੍ਰੈਸ ਰੇਲਗੱਡੀ ਨੂੰ ਰੁਕਣ ਦੀ ਇਜਾਜ਼ਤ ਦਿੱਤੀ ਸੀ। ਨਾਂਦੇੜ ਸ੍ਰੀ ਹਜ਼ੂਰ ਸਾਹਿਬ - ਗੰਗਾਨਗਰ ਰੇਲ ਗੱਡੀ ਦਾ ਪਹਿਲੇ ਦਿਨ ਸੁਨਾਮ ਰੁਕਣ ਮੌਕੇ ਸ਼ਹਿਰੀਆਂ ਵੱਲੋਂ ਢੋਲ ਢਮੱਕੇ ਨਾਲ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਕੇਂਦਰ ਸਰਕਾਰ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੁਆਰਾ ਇਲਾਕੇ ਦੀ ਸੰਗਤ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਇਸ ਲਈ ਉਹ ਨਿੱਜੀ ਤੌਰ 'ਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਧੰਨਵਾਦੀ ਹਨ। ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਟਰੇਨਾਂ ਨੂੰ ਸੁਨਾਮ ਵਿਖੇ ਰੁਕਵਾਉਣ ਵਿੱਚ ਕਾਮਯਾਬ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਦੋਵੇਂ ਹਿੱਸਿਆਂ ਨੂੰ ਜੋੜਨ ਵਾਲੇ ਸੁਨਾਮ ਰੇਲਵੇ ਸਟੇਸ਼ਨ ’ਤੇ ਫੁੱਟ ਓਵਰ ਬ੍ਰਿਜ ਬਣਾਉਣ ਦੀ ਮੰਗ ਕੀਤੀ ਗਈ ਹੈ ਜਿਸ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਮੰਡਲ ਪ੍ਰਧਾਨ ਰਾਜੀਵ ਮੱਖਣ, ਵਪਾਰ ਮੰਡਲ ਪ੍ਰਧਾਨ ਨਰੇਸ਼ ਭੋਲਾ, ਪਵਨ ਗੁੱਜਰਾਂ, ਸੁਰਜੀਤ ਸਿੰਘ ਆਨੰਦ, ਮਹੇਸ਼ ਦੀਵਾਨ, ਗਿਆਨ ਚੰਦ ਗੁਪਤਾ, ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਅਤੇ ਸ਼ਹੀਦ ਊਧਮ ਸਿੰਘ ਯਾਦਗਾਰੀ ਕੰਬੋਜ ਕਮੇਟੀ ਦੇ ਮੈਂਬਰ ਹਾਜ਼ਰ ਸਨ।