ਜ਼ਿਲ੍ਹਾ ਚੋਣ ਅਫਸਰ ਡਾ: ਸੋਨਾ ਥਿੰਦ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਤੇ ਸੀ.ਡੀਜ਼ ਸੌਂਪੀਆਂ
ਫ਼ਤਹਿਗੜ੍ਹ ਸਾਹਿਬ : ਸਿਆਸੀ ਪਾਰਟੀਆਂ ਦੇ ਨੁਮਾਇੰਦੇ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਨੌਜਵਾਨ ਆਪਣੇ ਸੰਵਿਧਾਨਕ ਹੱਕ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਦੇਸ਼ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਸਾਡਾ ਭਵਿੱਖ ਤਾਂ ਹੀ ਸੁਰੱਖਿਅਤ ਰਹਿ ਸਕਦਾ ਹੈ ਕਿ ਜੇਕਰ ਸਾਡੇ ਨੌਜਵਾਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋ ਕੇ ਲੋਕਤੰਤਰ ਦੀ ਮਜਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਕਾਪੀ ਤੇ ਸੀ.ਡੀਜ਼ ਵੀ ਸੌਂਪੀਆਂ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਕਰਵਾਉਣ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ ਜਿਸ ਅਨੁਸਾਰ ਜ਼ਿਲ੍ਹੇ ਅੰਦਰ ਕੁੱਲ 04 ਲੱਖ 49 ਹਜ਼ਾਰ 222 ਵੋਟਰ ਰਜਿਸਟਰ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 02 ਲੱਖ 36 ਹਜ਼ਾਰ 113 ਮਰਦ ਵੋਟਰ, 02 ਲੱਖ 13 ਹਜ਼ਾਰ 098 ਮਹਿਲਾ ਵੋਟਰ ਅਤੇ 11 ਤੀਜੇ ਲਿੰਗ ਦੇ ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਉਪਰੰਤ ਜ਼ਿਲ੍ਹੇ ਅੰਦਰ 18 ਤੋਂ 19 ਸਾਲ ਦੇ 6640 ਵੋਟਰ ਹਨ।
ਡਾ: ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਇੱਕ ਸਾਲ ਅੰਦਰ ਚਾਰ ਮਿਤੀਆਂ ਤੈਅ ਕੀਤੀਆਂ ਗਈਆਂ ਹਨ ਤਾਂ ਜੋ ਸਾਰੇ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਤੈਅ ਕੀਤੀਆਂ ਮਿਤੀਆਂ ਅਨੁਸਾਰ 01 ਜਨਵਰੀ, 01 ਅਪ੍ਰੈਲ, 01 ਜੁਲਾਈ ਤੇ 01 ਅਕਤੂਬਰ ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 06 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੀ ਵੋਟ ਬਣਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਵੈਬ ਸਾਇਟ www.nvsp.in ਜਾਂ ਵੋਟਰ ਹੈਲਪ ਲਾਇਨ ਮੋਬਾਇਲ ਐਪ ਰਾਹੀਂ ਆਨ ਲਾਇਨ ਵੀ ਫਾਰਮ ਨੰਬਰ 6 ਭਰ ਸਕਦੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਲਈ ਵੋਟਰ ਸੂਚੀ ਦਾ ਖਰੜਾ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਖਰੜਾ ਵੋਟਰ ਸੂਚੀ ਸਬੰਧੀ 24 ਜਨਵਰੀ ਤੱਕ ਦਾਅਵੇ ਤੇ ਇਤਰਾਜ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 06 ਫਰਵਰੀ ਤੱਕ ਕੀਤਾ ਜਾਵੇਗਾ ਅਤੇ 25 ਫਰਵਰੀ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ, ਭਾਰਤੀ ਜਨਤਾ ਪਾਰਟੀ ਦੇ ਹਰੀਸ਼ ਅਗਰਵਾਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਵਿੰਦਰ ਸਿੰਘ ਬੱਬਲ, ਬਹੁਜਨ ਸਮਾਜ ਪਾਰਟੀ ਦੇ ਮੋਹਨ ਸਿੰਘ ਭੱਟਮਾਜਰਾ, ਚੋਣ ਤਹਿਸੀਲਦਾਰ ਨਿਰਮਲਾ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।