ਖਰੜ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਦੇ ਕਮਿਊਨਿਟੀ ਸੈਂਟਰ ਵਿਖੇ ਅੱਜ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਪਿੰਡ ਘੜੂੰਆਂ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ।
ਇਸ ਮੌਕੇ ਹਲਕਾ ਵਿਧਾਇਕ ਨੇ ਕੈਂਪ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਘੜੂੰਆਂ ਦੇ ਕਮਿਊਨਿਟੀ ਸੈਂਟਰ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗੇ ਕੈਂਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਅਤੇ ਉੱਚ ਅਧਿਕਾਰੀਆਂ ਵੱਲੋਂ ਇਸ ਕੈਂਪ ਵਿੱਚ ਪਹੁੰਚ ਕੇ, ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਜਿਵੇਂ ਕਿ ਆਧਾਰ ਕਾਰਡ ਰਿਨਿਊ ਕਰਾਉਣਾ, ਜ਼ਮੀਨਾਂ ਦੇ ਇੰਤਕਾਲ, ਬੁਢਾਪਾ ਪੈਨਸ਼ਨ , ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਅਤੇ ਤਹਿਸੀਲ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਮੌਕੇ 'ਤੇ ਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੁੰ ਪੱਕਾ ਕਰਨ ਸਬੰਧੀ ਪੋਰਟਲ ਖੁੱਲ੍ਹਿਆ ਹੋਇਆ ਹੈ। ਇਸ ਲਈ ਲੋੜਵੰਦ ਵਿਅਕਤੀ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪੁੱਜਣ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਇੱਕ ਬਹੁਤ ਹੀ ਵੱਡਾ ਉਪਰਾਲਾ ਹੈ ਕਿ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਜਾ ਕੇ ਲੋਕਾਂ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ।
ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਬ ਤਹਿਸੀਲ ਖਰੜ ਦਾ ਪਿੰਡ ਘੜੂੰਆਂ ਵਿਖੇ ਪਹਿਲਾਂ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਲੋਕਾਂ ਦੇ ਸਾਰੇ ਕੰਮਾਂ ਦਾ ਨਿਪਟਾਰਾ ਮੌਕੇ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਹਰ ਮਹੀਨੇ ਸਬ ਡਵੀਜ਼ਨ ਖਰੜ ਵਿੱਚ ਤਿੰਨ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਇਸ ਮੌਕੇ ਪਿੰਡ ਵਿੱਚ ਮੌਜੂਦ ਅੰਗਹੀਣ ਵਿਅਕਤੀ ਜਸਵੰਤ ਸਿੰਘ ਨੂੰ ਵੀਲ੍ਹ ਚੇਅਰ ਵੀ ਭੇਟ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਗੁਰਮੰਦਰ ਸਿੰਘ ਤੋਂ ਇਲਾਵਾ ਈ.ਓ. ਅਸ਼ੋਕ ਕੁਮਾਰ, ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਅਤੇ ਹੋਰਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।